ਪੱਤਰ ਪ੍ਰੇਰਕ
ਬਠਿੰਡਾ, 6 ਸਤੰਬਰ
ਆਨਲਾਈਨ ਪੜ੍ਹਾਈ ਤੋਂ ਅੱਕੇ ਸਰਕਾਰੀ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਤੋਂ ਕਾਲਜ ਖੋਲ੍ਹਣ ਦੀ ਮੰਗ ਕੀਤੀ। ਅੱਜ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਢਿੱਲਵਾਂ ਤੇ ਹਰਪ੍ਰੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਹਾਲ ਬਹੁਤ ਮਾੜਾ ਚੱਲ ਰਿਹਾ ਹੈ। ਵਿਦਿਆਰਥੀ ਆਗੂ ਨਿਖਲਿ ਅਤੇ ਜਗਜੀਤ ਸਿੰਘ ਨੇ ਕਿਹਾ ਕਿਂ ਜਦੋਂ ਬਠਿੰਡਾ ਵਿਚ ਕੇਂਦਰੀ ਯੂਨੀਵਰਸਿਟੀ, ਯੂਨੀਵਰਸਿਟੀ ਕਾਲਜ ਘੁੱਦਾ, ਡੀਏਵੀ ਕਾਲਜ ਬਠਿੰਡਾ ਸਣੇ ਹੋਰ ਕਾਲਜਾਂ ਨੇ ਕਲਾਸਾ ਰੈਗੂਲਰ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਸਰਕਾਰੀ ਕਾਲਜ ਕਲਾਸਾਂ ਲਗਾਉਣ ਵਿਚ ਦੇਰੀ ਕਿਉਂ ਕਰ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵਫ਼ਦ ਦੇ ਰੂਪ ਵਿਚ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਕਿਹਾ ਕਿ ਕਾਲਜ ਜਲਦੀ ਆਫਲਾਈਨ ਕਲਾਸਾਂ ਸ਼ੁਰੂ ਕਰ ਦੇਵੇਗਾ।
ਡੀਸੀ ਦਫ਼ਤਰ ਅੱਗੇ ਧਰਨੇ ਦਾ ਐਲਾਨ
ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮਆਰ ਸਰਕਾਰੀ ਕਾਲਜ ਫਾਜ਼ਿਲਕਾ ਵਿੱਚ ਆਨਲਾਈਨ ਕਲਾਸਾਂ ਦੇ ਵਿਰੋਧ ਵਿੱਚ ਮੀਟਿੰਗ ਕੀਤੀ ਗਈ। ਆਫਲਾਈਨ ਕਲਾਸਾਂ ਸ਼ੁਰੂ ਕਰਾਉਣ ਲਈ 9 ਸਤੰਬਰ ਨੂੰ ਡੀਸੀ ਦਫ਼ਤਰ ਅੱਗੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ, ਪ੍ਰਵੀਨ ਕੌਰ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸਿਨੇਮੇ, ਪਾਰਕ, ਬੱਸਾਂ, ਟ੍ਰੇਨਾਂ, ਮਾਲ, ਆਈਲੈਟਸ ਸੈਂਟਰ ਅਤੇ ਸਕੂਲ ਖੁੱਲ੍ਹ ਚੁੱਕੇ ਹਨ ਤਾਂ ਫਿਰ ਕਾਲਜ ਬੰਦ ਰੱਖਣਾ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਐਮਆਰ ਸਰਕਾਰੀ ਕਾਲਜ ਫਾਜ਼ਿਲਕਾ ਵਿਚ ਆਫਲਾਈਨ ਕਲਾਸਾਂ ਤੁਰੰਤ ਸ਼ੁਰੂ ਕਰਵਾਉਣ ਲਈ 9 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਲਾਮਬੰਦ ਕਰ ਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।