ਸ਼ਗਨ ਕਟਾਰੀਆ
ਬਠਿੰਡਾ, 11 ਜੁਲਾਈ
ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਇਥੇ ਪੀਆਰਟੀਸੀ ਦੇ ਡਿੱਪੂ ਅੱਗੇ ਗੇਟ ਰੈਲੀ ਕੀਤੀ। ਵਿਖਾਵਾਕਾਰੀਆਂ ਦੀ ਮੁੱਖ ਮੰਗ ਸੀ ਕਿ ਕਰਮਚਾਰੀਆਂ ਨੂੰ ਦੇਰੀ ਨਾਲ ਮਿਲਦੀ ਤਨਖ਼ਾਹ ਦਾ ਸਮਾਂ ਨਿਸ਼ਚਿਤ ਕਰ ਕੇ ਹਰ ਮਹੀਨੇ ਦੀ 7 ਤਰੀਕ ਤੱਕ ਦਿੱਤੀ ਜਾਵੇ। ਕਰੀਬ ਦੋ ਘੰਟਿਆਂ ਦੇ ਇਸ ਪ੍ਰਦਰਸ਼ਨ ’ਚ ਮੰਗ ਕੀਤੀ ਗਈ ਕਿ ਨਵੇਂ ਕਰਮਚਾਰੀਆਂ ਦੀ ਤਨਖਾਹ ਵੀ ਪੁਰਾਣਿਆਂ ਜਿੰਨੀ ਕੀਤੀ ਜਾਵੇ। ਚਿਤਾਵਨੀ ਦਿੱਤੀ ਗਈ ਕਿ ਜੇ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਹੜਤਾਲ ਕਰ ਕੇ ਬੱਸਾਂ ਦਾ ਪਹੀਆ ਜਾਮ ਕੀਤਾ ਜਾਵੇਗਾ। ਰੈਲੀ ਨੂੰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ, ਡਿੱਪੂ ਸਕੱਤਰ ਕੁਲਦੀਪ ਸਿੰਘ ਬਾਦਲ ਆਦਿ ਨੇ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਡਿੱਪੂ ਦੇ ਗੇਟ ’ਤੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿੱਚ ਸ਼ਾਮਿਲ ਹੋ ਕੇ ਕੀਤਾ ਸੀ ਪਰ ਅੱਜ ਜਦੋਂ ਸਰਕਾਰ ਸੱਤਾ ’ਚ ਆਈ ਹੈ ਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਬਣੇ ਹਨ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ’ਚ ਆਨਾ-ਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਨਬੱਸ ਵਿੱਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀਆਰਟੀਸੀ ’ਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਤਨਖ਼ਾਹ ਨਹੀਂ ਆਉਂਦੀ ਤਾਂ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰ ਕੇ ਤਿੱਖੇ ਸੰਘਰਸ਼ ਕਰਨੇ ਪੈਣਗੇ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਪੰਜਾਬ ਰੋਡਵੇਜ ਦੇ ਸਾਰੇ ਡਿੱਪੂਆਂ ਅੱਗੇ ਅੱਜ ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਠੇਕਾ ਵਰਕਰ ਯੂਨੀਅਨ ਵੱਲੋਂ ਰੋਸ ਮੁਜ਼ਾਹਰੇ ਕੀਤੇ ਗਏ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੇ ਤਨਖ਼ਾਹਾਂ ਸਮੇਂ ਸਿਰ ਨਾ ਦੇਣ ਅਤੇ ਕੱਚੇ ਕਾਮਿਆਂ ਨੂੰ ਪੱਕੇ ਨਾ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਮੰਗਾਂ ਨਾ ਮੰਨਣ ਦੀ ਸੂਰਤ ਵਿਚ 13 ਜੁਲਾਈ ਨੂੰ ਦੋ ਘੰਟੇ ਬੱਸ ਸਟੈਂਡ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਆਗੂ ਮੁੱਖਪਾਲ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਭਰ ਵਿਚ 27 ਡਿਪੂਆਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ ਹਨ।