ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 20 ਜਨਵਰੀ
ਸਥਾਨਕ ਗੀਤਾ ਭਵਨ ਨੇੜੇ ਕਿਤਾਬਾਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਬਾਲਾ ਜੀ ਟਰੇਡਰਜ਼ ਦੇ ਨਾਮ ’ਤੇ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਦੀ ਦੁਕਾਨ ਚਲਾਉਂਦਾ ਹੈ। ਅੱਜ ਸਵੇਰੇ 4 ਵਜੇ ਨੇੜਲੇ ਗੁਆਂਢੀਆਂ ਨੂੰ ਦੁਕਾਨ ’ਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਸੀਆਂ। ਉਨ੍ਹਾਂ ਰੌਲਾ ਪਾ ਦਿੱਤਾ ਅਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਐਨੀ ਭਿਆਨਕ ਸੀ ਕਿ ਲੰਮੀ ਜੱਦੋ-ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਦੁਕਾਨ ਮਾਲਕ ਨੇ ਦੱਸਿਆ ਕਿ ਉਸ ਦਾ ਲਗਪਗ ਚਾਰ ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।