ਖੇਤਰੀ ਪ੍ਰਤੀਨਿਧ
ਬਰਨਾਲਾ, 23 ਜੂਨ
ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਅਧੀਨ ਕੰਮ ਕਰਦੇ ਰੂਰਲ ਫਾਰਮੇਸੀ ਅਫਸਰ ਤੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਦੀ ਲੜੀ ਵਜੋਂ ਮੈਡੀਕਲ ਸੇਵਾਵਾਂ ਦਾ ਬਾਈਕਾਟ ਕਰਦਿਆਂ ਅੱਜ ਇੱਥੇ ਏਡੀਸੀ (ਵਿਕਾਸ) ਦਫ਼ਤਰ ਅੱਗੇ ਧਰਨਾ ਦਿੱਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਰਜੇਸ਼ ਕੁਮਾਰ, ਪਰਸ਼ੋਤਮ ਕੁਮਾਰ ਅਤੇ ਦਰਜਾ ਚਾਰ ਮੁਲਾਜ਼ਮ ਪ੍ਰਧਾਨ ਸ਼ਰਨਜੀਤ ਕੌਰ ਨੇ ਕਿਹਾ ਕਿ ਉਹ 14 ਸਾਲਾਂ ਤੋਂ ਠੇਕੇ ’ਤੇ ਨਿਗੂਣੀਆਂ ਉਜ਼ਰਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ 25 ਜੂਨ ਨੂੰ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰੂਰਲ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਅੱਜ ਪੰਜਵੇਂ ਦਿਨ ਵੀ ਜ਼ਿਲ੍ਹਾ ਪਰਿਸ਼ਦ ਦਫ਼ਤਰ ਅੱਗੇ ਧਰਨਾ ਦਿੱਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਗਰਗ ਨੇ ਦੱਸਿਆ ਕਿ ਸਾਲ 2006 ’ਚ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੀਆਂ 1186 ਪੇਂਡੂ ਡਿਸਪੈਂਸਰੀਆਂ ਨੂੰ ਪੰਚਾਇਤ ਵਿਭਾਗ ਅਧੀਨ ਠੇਕੇ ’ਤੇ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।