ਮਨੋਜ ਸ਼ਰਮਾ
ਬਠਿੰਡਾ, 25 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਸਾਬਕਾ ਪੰਚਾਇਤ ਮੰਤਰੀ ਤੇ ਪਾਰਟੀ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਦੇ ਪੁਤਲੇ ਰਾਵਣ ਦੇ ਰੂਪ ਵਿਚ ਸਾੜੇ ਗਏ। ਇਸ ਮੌਕੇ ਮਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਰਥਿਕ ਢਾਹ ਲਾਉਣ ਵਾਲੇ ਕਾਲੇ ਕਾਨੂੰਨ ਬਣਾ ਕੇ ਖੇਤੀ ਪ੍ਰਧਾਨ ਸੂਬੇ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ। ਮਲੂਕਾ ਨੇ ਕਿਹਾ ਕਿ ਉਮੀਦਾਂ ਦੇ ਉਲਟ ਭਾਜਪਾ ਸਰਕਾਰ ਨੇ ਧੱਕੇ ਨਾਲ ਕਿਸਾਨਾਂ ਦਾ ਘਾਣ ਕਰਨ ਵਾਲੇ ਕਾਲੇ ਕਾਨੂੰਨ ਲਾਗੂ ਕਰ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਨਾਲ ਨਾਲ ਸੂਬਾ ਸਰਕਾਰ ਵੱਲੋਂ ਵੀ ਲੋਕ ਪੱਖੀ ਫ਼ੈਸਲੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨ ਤੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇਸ਼ ਦੇ ਕਿਸਾਨਾਂ, ਸਮਾਜ ਤੇ ਹਰ ਵਰਗ ਲਈ ਸਭ ਤੋਂ ਵੱਡਾ ਰਾਵਣ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਤੇ ਸ਼੍ਰੋਮਣੀ ਅਕਾਲੀ ਦਲ ਹਰ ਸੰਘਰਸ਼ ਲਈ ਤਿਆਰ ਹਨ ਤੇ ਕਾਲੇ ਕਾਨੂੰਨਾਂ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।