ਪੱਤਰ ਪ੍ਰੇਰਕ
ਬਠਿੰਡਾ, 9 ਅਗਸਤ
ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਗਠਿਤ ਕੀਤੀ ਗਈ ਮੌਨੀਟਰਿੰਗ ਕਮੇਟੀ ਦੇ ਚੇਅਰਮੈਨ ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾ-ਮੁਕਤ ਜਸਟਿਸ ਜਸਬੀਰ ਸਿੰਘ ਨੇ ਜ਼ਿਲ੍ਹੇ ਅੰਦਰ ਪਾਣੀ ਦੀ ਸੰਭਾਲ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਹਾਜ਼ਰ ਸਨ। ਬੈਠਕ ਦੌਰਾਨ ਜਸਟਿਸ ਜਸਬੀਰ ਸਿੰਘ ਨੇ ਅਧਿਕਾਰੀਆਂ ਕੋਲੋਂ ਪਾਣੀ ਦੀ ਸਾਂਭ-ਸੰਭਾਲ ਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਤੇ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਅਤੇ ਕੂੜੇ ਕਰਕਟ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਵੱਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਬਣਾਈ ਗਈ ਯੋਜਨਾ ਬਾਰੇ ਜਾਣਕਾਰੀ ਹਾਸਲ ਕੀਤੀ।