ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 28 ਅਕਤੂਬਰ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰ ਕੇ ਫ਼ਸਲਾਂ ਦੀ ਖ਼ਰੀਦ ਦਾ ਜਾਇਜ਼ਾ ਲਿਆ। ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ 91 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ ਕਰੀਬ 89 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕਰ ਲਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਝੋਨੇ ਦੀ ਅਦਾਇਗੀ ਦੇ ਕਰੀਬ 15000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਤਿਹਾਸਕ ਕੰਮ ਹੋ ਰਿਹਾ ਹੈ ਕਿ ਕਿਸਾਨ ਦੁਪਹਿਰ ਦੇ 12 ਵਜੇ ਤੱਕ ਆਪਣੀ ਫ਼ਸਲ ਵੇਚ ਕੇ ਘਰ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਉਸੇ ਦਿਨ ਹੀ ਸ਼ਾਮ ਦੇ 4 ਵਜੇ ਤੱਕ ਝੋਨੇ ਦੀ ਫ਼ਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਮੰਤਰੀ ਵੱਲੋਂ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਅਤੇ ਖ਼ਰੀਦ ਏਜੰਸੀਆਂ ਵੱਲੋਂ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।