ਪੱਤਰ ਪ੍ਰੇਰਕ
ਬਠਿੰਡਾ, 17 ਜੂਨ
ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਠਿੰਡਾ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਦੋ ਘੰਟੇ ਬੱਸ ਸਟੈਂਡ ਬੰਦ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਮਨੇਸ, ਡਿੱਪੂ ਪ੍ਰਧਾਨ ਸੰਦੀਪ ਗਰੇਵਾਲ, ਸੈਕਟਰੀ ਕੁਲਦੀਪ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਤਾਂ ਕੀ ਕਰਨਾ ਸੀ ਬਲਕਿ ਮੁਲਾਜ਼ਮਾਂ ਨੂੰ ਮਿਲਦੀਆਂ ਤਨਖ਼ਾਹਾਂ ਦੇਣ ਵਿੱਚ ਵੀ ਅਸਫ਼ਲ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਤਨਖ਼ਾਹ ਲਈ ਬਜਟ ਰਿਲੀਜ਼ ਨਹੀਂ ਕਰ ਰਹੀ ਕਿਉਂਕਿ ਸਰਕਾਰ ਲੋਕਾਂ ਨੂੰ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਕਸੂਤੀ ਫਸੀ ਹੋਈ ਹੈ। ਉਨ੍ਹਾਂ ਕਿਹਾ ਮੈਨੇਜਮੈਂਟ ਵਰਕਰਾਂ ਦਾ ਸ਼ੋਸ਼ਣ ਕਰਦੀ ਆ ਰਹੀ ਹੈ। ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਬੱਸਾਂ ਦੇ ਟਾਈਮ ਟੇਬਲ ਵਿੱਚ ਹੇਰ-ਫੇਰ ਕਰ ਕੇ ਵਿਭਾਗ ਨੂੰ ਚੂਨਾ ਲਾਇਆ ਜਾ ਰਿਹਾ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਜੋ ਬੱਸਾਂ ਪਨਬੱਸ ਤੇ ਪੀਆਰਟੀਸੀ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ’ਚ ਖ਼ਾਮੀਆਂ ਹਨ। ਇਸ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੋਈ ਮੁਆਵਜ਼ਾ ਜਾਂ ਨੌਕਰੀ ਨਹੀਂ ਦਿੱਤੀ ਗਈ ਜਦੋਂਕਿ ਸਰਕਾਰ ਨੇ 50 ਲੱਖ ਰੁਪਏ ਦੀ ਮਦਦ ਦੇਣ ਦਾ ਲਿਖਤੀ ਤੌਰ ’ਤੇ ਪੱਤਰ ਜਾਰੀ ਕੀਤਾ ਸੀ। ਯੂਨੀਅਨ ਅਨੁਸਾਰ ਮੈਨੇਜਮੈਂਟ ਡੇਟਾ ਐਂਟਰੀ ਅਪਰੇਟਰ ਅਤੇ ਅਡਵਾਂਸ ਬੁੱਕਰਾਂ ਵੱਲ ਧਿਆਨ ਨਹੀਂ ਦੇ ਰਹੀ। ਯੂਨੀਅਨ ਨੇ ਚਿਤਾਵਨੀ ਦਿੰਦੇ ਹੋਏ ਐਲਾਨ ਕੀਤਾ ਕਿ 21 ਜੂਨ ਨੂੰ ਦੋ ਘੰਟੇ ਬੱਸ ਸਟੈਂਡ ਵੀ ਬੰਦ ਕਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।