ਪੱਤਰ ਪ੍ਰੇਰਕ
ਬਠਿੰਡਾ, 11 ਜੂਨ
ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐਸਸੀ) ਸਿਵਲ ਸੇਵਾਵਾਂ ਪ੍ਰੀਖਿਆ 2023 ਲਈ ਮੁਫ਼ਤ ਕੋਚਿੰਗ ਦੇਵੇਗੀ। ਇਸ ਦੇ ਲਈ ਡਾ. ਅੰਬੇਡਕਰ ਫਾਊਂਡੇਸ਼ਨ ਰਾਹੀਂ ਯੂਨੀਵਰਸਿਟੀ ਵਿੱਚ ਡਾ. ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ (ਡੀਏਸੀਈ) ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਰਾਹੀਂ ਚੁਣੇ ਗਏ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਪੀਐੱਸਸੀ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉੱਚ ਪੱਧਰੀ ਮੁਫ਼ਤ ਕੋਚਿੰਗ ਸਹੂਲਤਾਂ ਦਿੱਤੀਆਂ ਜਾਣਗੀਆਂ। ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਅਨੁਸੂਚਿਤ ਜਾਤੀਆਂ ਦੇ ਵਿਕਾਸ, ਸ਼ਕਤੀਕਰਨ ਅਤੇ ਕਲਿਆਣ ਲਈ ਪੇਸ਼ ਕੀਤੀ ਗਈ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ http://cup.edu.in/ dace/ ਤੇ ਜਾ ਕੇ 15 ਜੂਨ ਤੱਕ ਅਰਜ਼ੀ ਫਾਰਮ ਜਮ੍ਹਾਂ ਕਰ ਸਕਦੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਇਸ ਦਾ ਉਦੇਸ਼ ਅਨੁਸੂਚਿਤ ਜਾਤੀ ਨੌਜਵਾਨਾਂ ਵਿੱਚ ਪ੍ਰਸ਼ਾਸਨਿਕ ਸਮਰੱਥਾ ਦਾ ਨਿਰਮਾਣ ਕਰਨਾ ਹੈ।