ਸ਼ਗਨ ਕਟਾਰੀਆ
ਬਠਿੰਡਾ, 12 ਜੂਨ
ਪੰਜਾਬ ਦੇ ਐੱਸ.ਸੀ/ਐੱਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਅਸਲ ਤਸਵੀਰ ਇਹ ਹੈ ਕਿ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐੱਸਸੀ/ਐੱਸਟੀ ਵਿਦਿਆਰਥੀ ਪ੍ਰੀਖਿਆਵਾਂ ਹੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਘੁਟਾਲੇ’ ਦੇ ਮੁੱਦੇ ’ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਜ਼ਿਲ੍ਹਾ ਪ੍ਰਧਾਨ (ਬਠਿੰਡਾ ਸ਼ਹਿਰੀ) ਨੀਲ ਗਰਗ ਤੇ ਜ਼ਿਲ੍ਹਾ ਪ੍ਰਧਾਨ (ਬਠਿੰਡਾ ਦਿਹਾਤੀ) ਗੁਰਜੰਟ ਸਿੰਘ ਸਿਵੀਆਂ ਨੇ ਕਿਹਾ ਕਿ ਐੱਸਸੀ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਵਿੱਚ ਘੁਟਾਲੇ ਕਾਰਨ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਗਿਆ ਹੈ।
ਮਾਨਸਾ (ਪੱਤਰ ਪ੍ਰੇਰਕ): ‘ਆਪ’ ਵੱਲੋਂ ਅੱਜ ਇਥੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਦਲਿਤਾਂ ਨੂੰ ‘ਲੁੱਟਿਆ ਅਤੇ ਕੁੱਟਿਆ’ ਹੈ।
ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ
ਮੋਗਾ (ਮਹਿੰਦਰ ਸਿੰਘ ਰੱਤੀਆਂ): ਵਜ਼ੀਫਾ ਸਕੀਮ ਵਿੱਚ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾਂ ਦੀ ਅਗਵਾਈ ਹੇਠ ਸਥਾਨਕ ਮੁੱਖ ਚੌਕ ਵਿੱਚ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾਂ, ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਘੁਟਾਲੇ ਵਿੱਚ ਸ਼ਾਮਲ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ ਗਿਆ ਜਿਸ ’ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟਮੈਟ੍ਰਿਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ ਪਰ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ।