ਪੱਤਰ ਪ੍ਰੇਰਕ
ਬਠਿੰਡਾ, 20 ਜੂਨ
ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਭਾਰਤ ਵਿੱਚ ਵੱਸਦੀਆਂ ਘੱਟ ਗਿਣਤੀਆਂ ਨੂੰ ਖ਼ਤਰਾ ਦੱਸਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਇੱਥੇ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ, ਰੇਸ਼ਮ ਸਿੰਘ ਪਖਰਾਣਾ, ਬਲਦੇਵ ਸਿੰਘ ਜੋਗੇਵਾਲ, ਚਮਕੌਰ ਸਿੰਘ ਭਾਈਰੂਪਾ ਆਦਿ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਏ ਕਿ ਸਮੇਂ ਦੀਆਂ ਸਰਕਾਰਾਂ ਤੋਂ ਘੱਟ ਗਿਣਤੀ ਸ਼੍ਰੇਣੀਆਂ ਨੂੰ ਇਨਸਾਫ਼ ਦੀ ਆਸ ਮਨਫ਼ੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿਰਸਾ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦੀ ਸੁਵਿਧਾ ਦੇਣੀ, ਕੇਂਦਰੀ ਮੰਤਰੀ ਦੇ ਪੁੱਤਰ ਅਜੈ ਮਿਸ਼ਰਾ ਨੂੰ ਜ਼ਮਾਨਤ ਦੇਣੀ, ਦੂਜੇ ਪਾਸੇ ਸਿੱਖ ਬੰਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾ ਨਾ ਕਰਨਾ ਸਰਕਾਰ ਦੇ ਇਰਾਦੇ ਬੇਨਕਾਬ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਕਰਦੇ ਹੋਏ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਉਨ੍ਹਾਂ ਬੇਅਦਬੀਆਂ ਦੇ ਕੇਸਾਂ ਸਣੇ 328 ਲਾਪਤਾ ਸਰੂਪਾਂ ਦਾ ਮਾਮਲਾ ਉਠਾਉਂਦੇ ਹੋਏ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਬ ਹੋਏ ਪਾਵਨ ਸਰੂਪਾਂ ਸਬੰਧੀ ਪੜਤਾਲ ਕਰਵਾ ਕੇ ਸੱਚਾਈ ਸੰਗਤ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵਾਨ ਸਿੰਘ ਮਾਨ ਨੂੰ ਅਪੀਲ ਕੀਤੀ ਸੰਗਤ ਨੂੰ ਇਨਸਾਫ਼ ਦਿਵਾਉਣ। ਉਨ੍ਹਾਂ ਐਲਾਨ ਕੀਤਾ ਕਿ ਹੁਣ ਉਨ੍ਹਾਂ ਕੋਲ ਸੰਘਰਸ਼ ਤੋਂ ਬਿਨਾ ਕੋਈ ਚਾਰਾ ਨਹੀਂ ਹੈ। ਹੁਣ ਉਹ ਇਨਸਾਫ਼ ਲਈ ਸੰਘਰਸ਼ ਸ਼ੁਰੂ ਕਰਨਗੇ। ਇਸ ਦਾ ਐਲਾਨ 24 ਜੂਨ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਕੀਤਾ ਜਾਵੇਗਾ।