ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕਤਾ ਲਈ ਸੱਦਾ
ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ
Advertisement
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਹੋਈ ਕਾਨਫਰੰਸ ਦੌਰਾਨ ਪੰਥਕ ਏਕਤਾ ਦੀ ਮਜ਼ਬੂਤ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦਿੱਲੀ ਵਿੱਚ ਹੋਏ ਬੰਬ ਧਮਕਿਆਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਦੱਸਿਆ।
ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਹੋ ਰਹੀਆਂ ਸਿੱਖਾਂ ਦੀਆਂ ਹੱਤਿਆਵਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਨੇਡਾ ਸਮੇਤ ਹੋਰ ਕਈ ਦੇਸ਼ਾਂ ਵਿੱਚ ਸਿੱਖਾਂ ਦੀਆਂ ਟਾਰਗੇਟ ਕਿਲਿੰਗਜ਼ ਹੋ ਰਹੀਆਂ ਹਨ, ਜਿਨ੍ਹਾਂ ਨੂੰ ਤਤਕਾਲੀ ਕਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪਾਰਲੀਮੈਂਟ ਵਿੱਚ ਸਵੀਕਾਰਿਆ ਸੀ।
ਉਨ੍ਹਾਂ ਐਲਾਨ ਕੀਤਾ ਕਿ 23 ਨਵੰਬਰ ਨੂੰ ਦੀਨਾ ਕਾਂਗੜ ਦੀ ਧਰਤੀ ’ਤੇ ਵੱਡਾ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਕੌਮ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਜ਼ਿਮਨੀ ਚੋਣਾਂ ਬਾਰੇ ਮਾਨ ਨੇ ਬੋਲਦਿਆਂ ਕਿਹਾ ਕਿ ਜੇ ਸਾਰੀਆਂ ਪੰਥਕ ਤਾਕਤਾਂ ਇਕੱਠੀਆਂ ਹੁੰਦੀਆਂ ਤਾਂ ਵਾਰਿਸ ਪੰਜਾਬ ਦੇ ਉਮੀਦਵਾਰ ਦੀ ਜਿੱਤ ਸੰਭਵ ਸੀ। ਉਨ੍ਹਾਂ ਕਿਹਾ ਕਿ ਸਿੱਖ ਰਾਜਨੀਤਿਕ ਤੌਰ ’ਤੇ ਮਜ਼ਬੂਤ ਤਦ ਹੀ ਹੋ ਸਕਦੇ ਹਨ ਜੇ ਪੰਥਕ ਏਕਤਾ ਨੂੰ ਅਮਲ ਵਿੱਚ ਲਿਆਇਆ ਜਾਵੇ।ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਸ–ਦਾਹੜੀ ਰੱਖ ਲਈ ਹੈ।
Advertisement
ਕਾਨਫਰੰਸ ਵਿੱਚ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਸਮੇਤ ਹੋਰ ਕਈ ਸਿੱਖ ਆਗੂ ਵੀ ਮੌਜੂਦ ਸਨ।
Advertisement
