ਮਨੋਜ ਸ਼ਰਮਾ
ਬਠਿੰਡਾ, 2 ਅਗਸਤ
ਕਰੋਨਾਵਾਇਰਸ ਦੇ ਕੇਸਾਂ ਵਿੱਚ ਠੱਲ੍ਹ ਪੈਣ ਦੇ ਮੱਦੇਨਜ਼ਰ ਅੱਜ ਸਕੂਲ ਖੋਲ੍ਹ ਦਿੱਤੇ ਗਏ ਹਨ। ਸਕੂਲਾਂ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਲੁੱਡੂ ਖੁਆ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੇਵਾ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰ੍ਹਾਂ ਖੁੱਲ੍ਹ ਗਏ ਹਨ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ ਜਦਕਿ ਦਸਵੀਂ ਤੋਂ ਬਾਰਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਖੁੱਲ੍ਹ ਚੁੱਕੇ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਦੀ ਸਕੂਲਾਂ ’ਚ ਆਮਦ ਦੇ ਮੱਦੇਨਜ਼ਰ ਸਾਫ ਸਫਾਈ ਅਤੇ ਕਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਇਕਬਾਲ ਸਿੰਘ ਬੁੱਟਰ ਤੇ ਭੁਪਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਜੀਤ ਸਿੰਘ ਸੰਦੋਹਾ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਖੁੱਲ੍ਹਣ ਦੀ ਸੂਚਨਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਾਰਨੀ ਅਤੇ ਗੰਗਾ ਅਬਲੂ ਦੇ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ, ਸਾਧੂ ਸਿੰਘ ਤੇ ਕੁਲਵੀਰ ਸਿੰਘ ਘੁੱਦਾ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਤਾਪਮਾਨ ਚੈੱਕ ਕੀਤਾ ਗਿਆ ਅਤੇ ਹੱਥ ਸੈਨੇਟਾਈਜ਼ ਕਰਵਾਏ ਗਏ। ਸਰਕਾਰੀ ਹਾਈ ਸਕੂਲ ਆਦਮਪੁਰ ਦੇ ਹੈੱਡ ਟੀਚਰ ਗੁਰਪ੍ਰੀਤ ਕੌਰ ਸਿੱਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਰਾਣਾ, ਘੁੱਦਾ ਦੇ ਹੈੱਡ ਟੀਚਰ ਚਰਨਜੀਤ ਕੌਰ , ਬਲਵੀਰ ਸਿੰਘ ਸਿੱਧੂ ਘੁੱਦਾ ਸਮੇਤ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ ’ਚ ਪਹੁੰਚੇ। ਉਨ੍ਹਾਂ ਬੱਚਿਆਂ ਦਾ ਸਵਾਗਤ ਕਰਦਿਆਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਰਕਾਰ ਵੱਲੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੇ ਐਲਾਨ ਤੋਂ ਬਾਅਦ ਸਕੂਲਾਂ ’ਚ ਫਿਰ ਤੋਂ ਰੌਣਕ ਪਰਤ ਆਈ ਹੈ। ਪਹਿਲਾ ਦਿਨ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਹਾਜ਼ਰੀ ਚੰਗੀ ਰਹੀ ਪਰ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਕਾਫ਼ੀ ਦਿੱਕਤ ਆਈ ਪ੍ਰੰਤੂ ਇਸ ਦੇ ਬਾਵਜੂਦ ਅਧਿਆਪਕਾਂ ਦੇ ਚਿਹਰੇ ਖਿੜੇ ਹੋਏ ਸਨ। ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਮਗਰੋਂ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ) ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਪਹਿਲਾ ਦਿਨ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਹਾਜ਼ਰੀ 70 ਪ੍ਰਤੀਸ਼ਤ ਦੇ ਕਰੀਬ ਰਹੀ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਭੈਣੀਬਾਘਾ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।
ਸਮਾਲਸਰ (ਗੁਰਜੰਟ ਕਲਸੀ): ਪੰਜਾਬ ਸਰਕਾਰ ਵੱਲੋਂ ਸਾਰੀਆਂ ਜਮਾਤਾਂ ਲਈ ਸਕੂਲਾਂ ਖੋਲ੍ਹਣ ਦੇ ਐਲਾਨ ਤੋਂ ਬਾਅਦ ਸਕੂਲਾਂ ’ਚ ਫਿਰ ਤੋਂ ਰੌਣਕ ਪਰਤ ਆਈ ਹੈ। ਪਹਿਲਾ ਦਿਨ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਹਾਜ਼ਰੀ ਚੰਗੀ ਰਹੀ, ਪਰ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ’ਚ ਦਿੱਕਤ ਆਈ। ਇਸ ਦੇ ਬਾਵਜੂਦ ਅਧਿਆਪਕਾਂ ਅਤੇ ਬੱਚਿਆਂ ਦੇ ਚਿਹਰੇ ਖਿੜੇ ਹੋਏ ਸਨ। ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਦੇ ਮੁੱਖ ਅਧਿਆਪਕ ਚਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਰੋਨਾ ਦੌਰ ਪਿੱਛੋਂ ਪਹਿਲੇ ਦਿਨ ਸਕੂਲ ਖੁੱਲ੍ਹਣ ਨਾਲ ਅਧਿਆਪਕ ਅਤੇ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲੀ ਹੈ।
ਪੜ੍ਹਾਈ ਦੇ ਨਾਲ ਸਿਹਤ ਸੰਭਾਲ ਰਹੇਗੀ ਤਰਜੀਹ
ਫਾਜ਼ਿਲਕਾ (ਪਰਮਜੀਤ ਸਿੰਘ): ਸਕੂਲ ਖੁੱਲ੍ਹਣ ਕਾਰਨ ਅੱਜ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਰੌਣਕ ਛਾਈ ਹੋਈ ਸੀ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਸੰਭਾਲ ਵੀ ਸਕੂਲਾਂ ਦੀ ਪਹਿਲੀ ਤਰਜੀਹ ਰਹੇਗੀ। ਸਕੂਲ ਖੁੱਲ੍ਹਣ ਨੂੰ ਲੈ ਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਦੇ ਪ੍ਰਿੰਸੀਪਲ ਮੰਜੂ ਠਕਰਾਲ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਤਾਪਮਾਨ ਚੈੱਕ ਕੀਤਾ ਗਿਆ ਅਤੇ ਹੱਥ ਸੈਨੇਟਾਈਜ਼ ਕਰਵਾਏ ਗਏ, ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਦੇ ਹੈਡਮਾਸਟਰ ਵਿਨੋਦ ਕੁਮਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦੇ ਹੈਡਟੀਚਰ ਲਵਜੀਤ ਸਿੰਘ ਗਰੇਵਾਲ ਸਮੇਤ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ ’ਚ ਪਹੁੰਚੇ।