ਸ਼ਗਨ ਕਟਾਰੀਆ
ਬਠਿੰਡਾ, 3 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਅਤੇ ਵਿਦਿਆਰਥੀ ਏਕਤਾ ਕਮੇਟੀ ਵੱਲੋਂ ਅੱਜ ਸਾਂਝੇ ਤੌਰ ’ਤੇ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਜਨਤਕ ਵਫ਼ਦ ਦੇ ਰੂਪ ’ਚ ਮੰਗ ਪੱਤਰ ਸੌਂਪਿਆ ਗਿਆ।
ਪੀਐੱਸਯੂ ਵੱਲੋਂ ਅਮਿਤੋਜ਼ ਮੌੜ ਅਤੇ ਬਲਜਿੰਦਰ ਗੁਰੂਸਰ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ ’ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਦਸ ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਕਾਲਜਾਂ ’ਚ ਪੜ੍ਹਦੇ ਐੱਸਸੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਤੋਂ ਫੰਡ ਵਸੂਲੀ ਲਈ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਪੋਸਟ ਮ੍ਰੈਟਿਕ ਸਕਾਲਰਸ਼ਿਪ ਸਕੀਮ ਨੂੰ ਕਾਲਜਾਂ ਅੰਦਰ ਠੀਕ ਤਰੀਕੇ ਨਾਲ ਲਾਗੂ ਕਰਵਾਉਣ ਸਮੇਤ ਪੰਜਾਬੀ ਯੂਨੀਵਰਸਿਟੀ ਸਮੇਤ ਜਿਹੜੇ ਕਾਲਜ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਮੰਗ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ।
ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਵੀ ਆਪਣੇ ਵਿਚਾਰ ਰੱਖੇ।