ਪੱਤਰ ਪ੍ਰੇਰਕ
ਬਠਿੰਡਾ, 7 ਜੁਲਾਈ
ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ। ਇਹ ਹਦਾਇਦਤ ਡਿਪਟੀ ਕਮਿਸ਼ਨ ਨੇ ਅੱਜ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤੀ। ਉਨ੍ਹਾਂ ਨਾਲ ਹੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ ਚੱਲਦੇ ਵਿਕਾਸ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਸਮੀਖਿਆ ਮੀਟਿੰਗ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਰਟ ਵਿਲੇਜ ਕੰਪੇਨ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ ਤੇ ਚੱਲਦੇ ਵਿਕਾਸ ਕਾਰਜ ਤੈਅ ਸਮੇਂ ਵਿੱਚ ਪੂਰੇ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੇਵਾ ਸਿੰਘ, ਉਪ ਅਰਥ ਅੰਕੜਾ ਵਿਭਾਗ ਦੇ ਖੋਜ ਅਫ਼ਸਰ ਰਣਜੀਤ ਸਿੰਘ, ਸਮੂਹ ਬੀਡੀਪੀਓਜ਼ ਅਤੇ ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।