ਮਨੋਜ ਸ਼ਰਮਾ
ਬਠਿੰਡਾ, 31 ਮਾਰਚ
ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲਾਂ ਨੂੰ ਜਲਦੀ ਤੋਂ ਜਲਦੀ ਖੁੱਲ੍ਹਵਾਉਣ ਦੇ ਮਕਸਦ ਨਾਲ ਅੱਜ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਸੱਦੇ ’ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ, ਬੱਸ ਡਰਾਈਵਰਾਂ, ਕੰਡਕਟਰਾਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੇ ਕਰਮਚਾਰੀਆਂ ਨੇ ਬਠਿੰਡਾ ਵਿੱਚ ਇੱਕ ਭਰਵੀਂ ਰੋਸ ਰੈਲੀ ਕੀਤੀ, ਜਿਸ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਫੈਡਰੇਸ਼ਨ ਨਾਲ ਸਬੰਧਤ ਨਿੱਜੀ ਸਕੂਲਾਂ ਅਤੇ ਹੋਰ ਐਸੋਸੀਏਸ਼ਨਾਂ ਦੇ ਸਕੂਲਾਂ ਨੇ ਸ਼ਿਰਕਤ ਕੀਤੀ। ਜਾਣਕਾਰੀ ਮੁਤਾਬਿਕ ਇਹ ਰੋਸ ਰੈਲੀ ਪਾਵਰ ਹਾਊਸ ਰੋਡ ਤੋਂ ਸ਼ੁਰੂ ਹੋ ਕੇ ਸ਼ਹੀਦ ਨੰਦ ਸਿੰਘ ਚੌਕ, ਹਨੂੰਮਾਨ ਚੌਕ, ਬੱਸ ਅੱਡੇ ਕੋਲ ਤੋਂ ਹੁੰਦੀ ਹੋਈ ਮਿਨੀ ਸਕੱਤਰੇਤ ਵਿੱਚ ਜਾ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇਣ ਉਪਰੰਤ ਸਮਾਪਤ ਹੋਈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਨਾਂ ’ਤੇ ਨਿੱਜੀ ਤੇ ਸਰਕਾਰੀ ਸਕੂਲ ਬੰਦ ਕਰਨ ਦੇ ਮੁੱਦੇ ’ਤੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਜ਼ਾਹਰਾ ਕਰਦਿਆਂ ਗੁਲਜ਼ਾਰ ਸਿੰਘ, ਸੁਰੇਸ਼ ਗਰਗ, ਨਰਿੰਦਰ ਸਿੰਘ ਹੋਰਾਂ ਨੇ ਕਿਹਾ ਕਿ ਕਰੀਬ ਸਾਲ ਭਰ ਤੋਂ ਆਨਲਾਈਨ ਜਮਾਤਾਂ ਚੱਲ ਰਹੀਆਂ ਹਨ ਪਰ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਪੱਧਰ ਬਹੁਤ ਨੀਵਾਂ ਹੋ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਦੇ ਨਾਂ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਦਿਆਂ ਮੰਗ ਕੀਤੀ ਕਿ ਸਕੂਲਾਂ ’ਚ ਲਗਾਤਾਰ ਪੜ੍ਹਾਈ ਦਾ ਪ੍ਰਬੰਧ ਕੀਤਾ ਜਾਵੇ।
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਭਾਈ ਬਹਿਲੋ ਪਬਲਿਕ ਸੈਕੰਡਰੀ ਭਗਤਾ ਭਾਈ ਵਿੱਚ ਕਰੋਨਾ ਨੂੰ ਲੈ ਕੇ ਸਕੂਲਾਂ ਨੂੰ ਵਾਰ-ਵਾਰ ਬੰਦ ਕਰਨ ਦੇ ਰੋਸ ’ਚ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਤੇ ਬੱਚਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜਸਮੀਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ, ਹਰਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ ਜ਼ਿਲ੍ਹੇ ਦੀ ਪ੍ਰਾਈਵੇਟ ਸਕੂਲ ਵੈਨ ਐਸੋਸੀਏਸ਼ਨ ਨੇ ਅੱਜ ਇੱਥੇ ਆਪਣੇ ਵਾਹਨਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ। ਐਸੋਸੀਏਸ਼ਨ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਿੱਦਿਅਕ ਅਦਾਰੇ ਬੰਦ ਕਰਨ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਵੈਨ ਚਲਾਉਣ ਵਾਲੇ ਹਜ਼ਾਰਾਂ ਚਾਲਕ ਬੇਰੁਜ਼ਗਾਰ ਹੋ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਐਸੋਸੀਏਸ਼ਨ ਨੇ ਵਾਹਨਾਂ ਸਮੇਤ ਸ਼ਹਿਰ ’ਚ ਰੋਸ ਮਾਰਚ ਕਰਨ ਤੋਂ ਬਾਅਦ ਭਾਈ ਘਨੱਈਆ ਚੌਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਤੇ ਸਕੂਲਾਂ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ।
ਬਰੇਟਾ (ਪੱਤਰ ਪੱਤਰ): ਪੰਜਾਬ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਸੁਨੀਲ ਚੂੜਲ ਅਤੇ ਮਨਦੀਪ ਸਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਐਲਾਨ ਕਰਨਾ ਵਿਦਿਆਰਥੀਆਂ ਨਾਲ ਬਹੁਤ ਵੱਡਾ ਧੱਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਸ਼ੀ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ, ਰਿੰਪੀ ਕੌਰ, ਹਰਦੀਪ ਕੌਰ ਸਮੇਤ ਹੋਰ ਵੀ ਵਿਦਿਆਰਥੀ ਮੌਜੂਦ ਸਨ।
ਮਹਿਲ ਕਲਾਂ (ਨਵਕਿਰਨ ਸਿੰਘ): ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ, ਪ੍ਰਿੰਸੀਪਲ ਨਵਜੋਤ ਕੌਰ ਨੇ ਕਿਹਾ ਕਿ ਮਾਪੇ ਅਤੇ ਅਧਿਆਪਕ ਸਕੂਲ ਬੰਦ ਕਰਨ ਦੇ ਹੱਕ ਵਿੱਚ ਨਹੀਂ ਹਨ।
ਕੋਟਕਪੂਰਾ (ਟਨਸ): ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਇਥੇ ਬੱਤੀਆਂ ਵਾਲੇ ਚੌਕ ’ਤੇ ਸਖ਼ਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਗੁਰਸੇਵਕ ਭਾਣਾ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਢਿੱਲਵਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਬਿਲਕੁਲ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲਿਆਂ ਨਾਲ ਪੰਜਾਬ ਦਾ ਭਵਿੱਖ ਖਰਾਬ ਹੋ ਰਿਹਾ ਹੈ।