ਮਨੋਜ ਸ਼ਰਮਾ/ਸ਼ਗਨ ਕਟਾਰੀਆ
ਬਠਿੰਡਾ, 5 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਝੰਡੇ ਹੇਠ ਅੱਜ ਦਸਹਿਰੇ ਮੌਕੇ ਕੱਚੇ ਮੁਲਾਜ਼ਮਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰਾਂ ਦੇ ਪੁਤਲੇ ਭਾਈ ਘਨ੍ਹੱਈਆ ਚੌਕ ਵਿੱਚ ਅਗਨ ਭੇਟ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ, ਐਨਲਿਸਟਮੈਂਟ ਵਾਲੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਸਰਕਾਰਾਂ ਕੰਨੀ ਕਤਰਾ ਰਹੀਆਂ ਹਨ।
ਇਸ ਦੌਰਾਨ ਸੰਬੋਧਨ ਕਰਦਿਆਂ ਪੀਐਸਪੀਸੀਐਲ-ਪੀਐੱਸਟੀਸੀਐਲ ਦੇ ਸੂਬਾ ਕਨਵੀਨਰ ਗੁਰਵਿੰਦਰ ਸਿੰਘ ਪਨੂੰ, ਜਲ ਸਪਲਾਈ ਸੈਨੀਟੇਸ਼ਨ ਕਰਮਚਾਰੀ ਯੂਨੀਅਨ ਦੇ ਸੰਦੀਪ ਖਾਨ, ਸੀਐੱਚਬੀ ਦੇ ਹਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਨਾਲ ਦੋਵੇਂ ਸਰਕਾਰਾਂ ਹੋਂਦ ’ਚ ਆਈਆਂ ਸਨ ਪਰ ਸੱਤਾ ਪ੍ਰਾਪਤੀ ਮਗਰੋਂ ਇਨ੍ਹਾਂ ਨੇ ਇਸ ਵਾਅਦੇ ਤੋਂ ਪਿੱਠ ਕਰ ਲਈ ਹੈ। ਉਨ੍ਹਾਂ ‘ਆਪ’ ਸਰਕਾਰ ਦੇ ਵਿੱਤ ਮੰਤਰੀ ’ਤੇ ਦੋਸ਼ ਲਾਇਆ ਕਿ ਉਨ੍ਹਾਂ 12 ਸਤੰਬਰ ਨੂੰ ਕੱਚੇ ਮੁਲਾਜ਼ਮਾਂ ਦੇ ਪੈਨਲ ਨਾਲ ਮੀਟਿੰਗ ’ਚ ਮੰਗ ਨਾਲ ਸਹਿਮਤ ਹੁੰਦਿਆਂ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅੱਗੇ ਭਾਵੇਂ ਕੋਈ ਕਦਮ ਨਹੀਂ ਚੁੱਕਿਆ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾਵਾਂ ਦੀਆਂ ਚੋਣ ਰੈਲੀਆਂ ’ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ‘ਝੂਠਾ ਪ੍ਰਚਾਰ’ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀ ਮੰਗ ਦੀ ਪੂਰਤੀ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸ਼ਾਹਰਾਹ ਮੁਕੰਮਲ ਤੌਰ ’ਤੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਭੁੱਚੋ ਮੰਡੀ (ਪਵਨ ਗੋਇਲ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਮੁਲਾਜ਼ਮਾਂ ਨੇ ਪਰਿਵਾਰਾਂ ਸਣੇ ਅੱਜ ਥਰਮਲ ਸਾਹਮਣੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਜਾਮ ਕਰ ਕੇ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਐਨਲਿਸਟਮੈਂਟ ਵਾਲੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਲਈ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕਾ ਧੂਰੀ ਵਿੱਚ ਸ਼ਾਹਰਾਹ ਜਾਮ ਕੀਤਾ ਜਾਵੇਗਾ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ 13 ਸਤੰਬਰ ਦੇ ਸ਼ਾਹਰਾਹ ਜਾਮ ਨੂੰ ਰੋਕਣ ਲਈ ਮੋਰਚੇ ਦੇ ਆਗੂਆਂ ਦੀ 12 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਕਰਵਾ ਦਿੱਤੀ ਪਰ ਸਰਕਾਰ ਹੁਣ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਤੋਂ ਭੱਜ ਗਈ ਹੈ। ਉਨ੍ਹਾਂ ਸਮੂਹ ਠੇਕਾ ਮੁਲਾਜ਼ਮਾਂ ਨੂੰ ਨਿੱਜੀਕਰਨ ਦੇ ਹੱਲੇ ਖ਼ਿਲਾਫ਼ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਵੱਖ-ਵੱਖ ਵਿਭਾਗਾਂ ’ਚ ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ
ਮਾਨਸਾ (ਪੱਤਰ ਪ੍ਰੇਰਕ): ਇੱਥੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਆਊਟਸੋਰਸ/ਐਨਲਿਸਟਮੈਂਟ ਵਾਲੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਬਿਨਾਂ ਭੇਦਭਾਵ ਤੋਂ ਰੈਗੂਲਰ ਕੀਤਾ ਜਾਵੇ। ਅਰਥੀ ਫੂਕਣ ਤੋਂ ਪਹਿਲਾਂ ਇਕੱਠ ਹੋਏ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ/ਐਨਲਿਸਟਮੈਂਟ ਵਾਲੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਮੁਲਾਜ਼ਮਾਂ ਦੇ ਹੋਰਨਾਂ ਮਸਲੇ ਹੱਲ ਕਰਵਾਉਣ ਦੇ ਸਬਜਬਾਗ ਦਿਖਾ ਅਤੇ ਬਦਲਾਅ ਦਾ ਨਾਅਰਾ ਦੇ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਲੰਘੇ ਛੇ ਮਹੀਨਿਆਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ /ਐਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ’ਚ ਸਟੇਟ ਹਾਈਵੇ ਨੂੰ ਜਾਮ ਕੀਤਾ ਜਾਵੇਗਾ।