ਪੱਤਰ ਪ੍ਰੇਰਕ
ਬਠਿੰਡਾ, 13 ਅਗਸਤ
ਇੱਥੇ ਫਰੀਡਮ ਫਾਇਟਰਜ਼ ਉਤਰ ਅਧਿਕਾਰੀ ਜਥੇਬੰਦੀ ਪੰਜਾਬ ਵੱਲੋਂ ਅੱਜ ਬਠਿੰਡਾ ਦੇ ਹਨੂਮਾਨ ਚੌਕ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਖ਼ਜ਼ਾਨਚੀ ਭਰਪੂਰ ਸਿੰਘ ਰੰਗੜਿਆਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸ਼ਰਾਬ ਪੀ ਕੇ ਮਰਨ ਵਾਲੇ ਲੋਕਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਦੇਸ਼ ਦੀ ਆਜ਼ਾਦੀ ਵਿੱਚ ਆਪਣੇ ਯੋਗਦਾਨ ਪਾਉਣ ਵਾਲੇ ਫਰੀਡਮ ਫਾਈਟਰ ਪਰਿਵਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਦੀ ਕੈਪਟਨ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ।
ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਨਿੰਦਾ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਫਰੀਡਮ ਫਾਈਟਰ ਪਰਿਵਾਰ ਆਪਣੀਆਂ ਲਟਕਦੀਆਂ ਮੰਗਾਂ ਲਈ ਵਿੱਤ ਮੰਤਰੀ ਨੂੰ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਬਰਸੀ ਸਮਾਗਮ ਮੌਕੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ 5 ਅਗਸਤ ਤੱਕ ਮੰਨ ਲਈਆਂ ਜਾਣਗੀਆਂ। ਉਨ੍ਹਾਂ ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਟੋਲ ਪਲਾਜ਼ਾ ਮੁਫ਼ਤ ਕੀਤਾ ਜਾਵੇਗਾ, 300 ਯੂਨਿਟ ਬਿਜਲੀ ਦੀ ਸਹੂਲਤ ਦਿੱਤੀ ਜਾਵੇ, ਟਿਊਬਵੈੱਲ ਕੁਨੈਕਸ਼ਨ ਦਾ ਬਣਦਾ ਕੋਟਾ ਬਹਾਲ ਕਰ ਕੇ ਪੁੱਤ ਪੋਤੀਆਂ ਨੂੰ ਸ਼ਾਮਿਲ ਕੀਤਾ ਜਾਵੇ। ਇਸ ਮੌਕੇ ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆਜ਼ਾਦੀ ਦਿਵਸ ਮੌਕੇ ਝੰਡਾ ਝਲਾਉਣਾ ਤੋਂ ਰੋਕਿਆ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਬਠਿੰਡਾ, ਬਲਵਿੰਦਰ ਸਿੰਘ ਜੇਠੂਕੇ, ਸੁਰਜੀਤ ਸਿੰਘ ਸੇਲਬਬਰਾਹ, ਸਤਪਾਲ ਸਿੰਘ ਲੌਂਗੋਵਾਲ, ਦਲਜੀਤ ਸਿੰਘ ਆਦਿ ਹਾਜ਼ਰ ਸਨ।