ਪੱਤਰ ਪ੍ਰੇਰਕ
ਬਠਿੰਡਾ, 9 ਜੂਨ
ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਨੂੰ ਪ੍ਰਫੁੱਲਤ ਕਰਨ ਅਤੇ ਦਿਨੋ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਇੱਕ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵਿਧਾਇਕ (ਹਲਕਾ ਲੰਬੀ) ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਖੁੱਡੀਆਂ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜ਼ੋਰ ਦਿੰਦਿਆਂ ਇਹ ਵੀ ਦੱਸਿਆ ਕਿ ਸਿੱਧੀ ਬਿਜਾਈ ਲਈ ਪੋਰਟਲ https:// agrimachinerypb.com/home/DSR22 ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੀ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ’ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ ਆਪਣਾ ਆਧਾਰ ਕਾਰਡ ਨੰਬਰ ਦੇ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲਗਪਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲਗਪਗ 10 ਤੋਂ 20 ਫੀਸਦੀ ਪਾਣੀ ਵੀ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਸਮਾਗਮ ਵਿੱਚ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਬੇਰੁਜ਼ਗਾਰੀ ਨੂੰ ਨਕੇਲ ਪਾਉਣ ਲਈ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਰਜਿਸਟਰਾਰ ਜੀਪੀਐਸ ਬਰਾੜ, ਡਾਇਰੈਕਟਰ ਪੀਆਈਟੀ ਨੰਦਗੜ੍ਹ ਡਾ. ਆਰ.ਕੇ. ਬਾਂਸਲ ਵਲੋਂ ਮੁੱਖ ਮਹਿਮਾਨ ਵਿਧਾਇਕ (ਹਲਕਾ ਲੰਬੀ) ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਸਨਮਾਨਿਤ ਕੀਤਾ ਗਿਆ।