ਸ਼ਗਨ ਕਟਾਰੀਆ
ਬਠਿੰਡਾ, 12 ਫਰਵਰੀ
ਕਿਰਤੀ ਕਿਸਾਨ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇੱਥੇ ‘ਚੋਣਾਂ ਅਤੇ ਲੋਕ ਮੁੱਦੇ’ ਵਿਸ਼ੇ ਤਹਿਤ ਕੀਤੇ ਇੱਕ ਸੈਮੀਨਾਰ ਵਿੱਚ ਵੋਟਰਾਂ ਨੂੰ ਮੌਜੂਦਾ ਸੰਸਦੀ ਪ੍ਰਬੰਧ ਤੋਂ ਭਲੇ ਦੀ ਝਾਕ ਛੱਡ ਕੇ ਜਮਾਤੀ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਦੀਆਂ ਚੋਣਾਂ ਦਾ ਪ੍ਰਚਾਰ ਸਿਖ਼ਰਾਂ ’ਤੇ ਹੈ। ਸਿਆਸਤਦਾਨ ਰੋਜ਼ਾਨਾ ਪਾਰਟੀਆਂ ਬਦਲ ਰਹੇ ਹਨ ਅਤੇ ਸਾਰੇ ਸਿਆਸੀ ਦਲ ਵੋਟਾਂ ਲੈਣ ਲਈ ਵੋਟਰਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਰਹੀਆਂ ਹਨ। ਉਨ੍ਹਾਂ ਆਖਿਆ ਕਿ ਵਿੱਦਿਆ, ਸਿਹਤ, ਰੁਜ਼ਗਾਰ, ਖੇਤੀਬਾੜੀ, ਵਾਤਾਵਰਨ, ਡੂੰਘੇ ਹੋ ਰਹੇ ਪਾਣੀ ਅਤੇ ਨਸ਼ਾਖੋਰੀ ਦੀਆਂ ਸਮੱਸਿਆਵਾਂ ਵਰਗੇ ਬੁਨਿਆਦੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਕੇ ਦੋਇਮ ਦਰਜੇ ਦੇ ਮੁੱਦਿਆਂ ਨੂੰ ਚੋਣ ਪ੍ਰਚਾਰ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ਦਾ ਇੱਕੋ-ਇੱਕ ਹੱਲ ਸਾਮਰਾਜ ਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਖਾਤਮਾ ਹੈ, ਜਦ ਕਿ ਇਹ ਸਾਰੀਆਂ ਰੰਗ ਬਿਰੰਗੀਆਂ ਪਾਰਟੀਆਂ ਆਪਣੇ ਆਪ ਨੂੰ ਕਾਰਪੋਰੇਟਾਂ ਦੇ ਵਫ਼ਾਦਾਰ ਸਾਬਤ ਕਰਨ ਦੀ ਦੌੜ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਕਿਸੇ ਵੀ ਪਾਰਟੀ ਨੂੰ ਵੋਟ ਨਹੀਂ ਪਾਉਣੀ ਚਾਹੀਦੀ ਅਤੇ ਫਿਰ ਵੀ ਜੇ ਕੋਈ ਪੋਲਿੰਗ ਬੂਥ ਤੱਕ ਜਾਣਾ ਚਾਹੁੰਦਾ ਹੈ ਤਾਂ ਉਹ ‘ਨੋਟਾ’ ਦਾ ਬਟਨ ਦਬਾ ਸਕਦੇ ਹਨ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਪੀਐੱਸਯੂ ਦੇ ਜ਼ਿਲ੍ਹਾ ਆਗੂ ਰਜਿੰਦਰ ਢਿੱਲਵਾਂ, ਡੀਐੱਮਐੱਫ ਦੇ ਆਗੂ ਸਿਕੰਦਰ ਧਾਲੀਵਾਲ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮੌੜ ਨੇ ਵੀ ਸੰਬੋਧਨ ਕੀਤਾ।