ਮਨੋਜ ਸ਼ਰਮਾ
ਬਠਿੰਡਾ, 1 ਸਤੰਬਰ
ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਉਧਮ ਕੀਤੇ ਜਾ ਰਹੇ ਹਨ। ਖੇਡਾਂ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡ ਸਰਗਰਮੀਆਂ ਵਿੱਚ ਮਹੱਤਵਪੂਰਨ ਸਥਾਨ ਤੇ ਅਹਿਮ ਕਿਰਦਾਰ ਨਿਭਾਉਂਦੀਆਂ ਹਨ। ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਇਹ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਇਥੇ ਬਹੁ ਮੰਤਵੀ ਖੇਡ ਸਟੇਡੀਅਮ ’ਚ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ 2022’ ਦੀ ਸ਼ੁਰੂਆਤ ਮੌਕੇ ਰੰਗ-ਬਿਰੰਗੇ ਗੁਬਾਰੇ ਛੱਡਣ ਮਗਰੋਂ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਖੇਡਾਂ ਵਿਦਿਆਰਥੀਆਂ ’ਚ ਨੈਤਿਕ ਗੁਣਾਂ, ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ-ਪਿਆਰ ਆਦਿ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਖਿਡਾਰੀ ਆਪਣੀ ਖੇਡ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ’ਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਇਹ ਖੇਡਾਂ ਬਠਿੰਡਾ, ਮੌੜ, ਭਗਤਾ ਭਾਈਕਾ, ਨਥਾਣਾ ਤੇ ਰਾਮਪੁਰਾ ’ਚ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਜੋ 3 ਸਤੰਬਰ ਤੱਕ ਚੱਲਣਗੀਆਂ। ਇਸ ਤੋਂ ਇਲਾਵਾ ਬਲਾਕ ਤਲਵੰਡੀ ਸਾਬੋ, ਗੋਨਿਆਣਾ, ਫੂਲ ਤੇ ਸੰਗਤ ਵਿੱਚ 4 ਤੋਂ ਸ਼ੁਰੂ ਹੋਣਗੀਆਂ ਜੋ 6 ਸਤੰਬਰ ਤੱਕ ਚੱਲਣਗੀਆਂ।
ਮਾਨਸਾ (ਪੱਤਰ ਪ੍ਰੇਰਕ) ਜ਼ਿਲ੍ਹਾ ਮਾਨਸਾ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ ਉਪਰਾਲੇ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਕੀਤਾ। ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਤੇ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲਿਜਾਉਣ ਲਈ ਹਰ ਉਮਰ ਵਰਗ ਦੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਅੰਦਰ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ।
ਵਿਧਾਇਕ ਸੇਖੋਂ ਨੇ ਬਲਾਕ ਫਰੀਦਕੋਟ ਦੇ ਮੁਕਾਬਲਿਆਂ ਦੀ ਕੀਤੀ ਸ਼ੁਰੂਆਤ
ਫਰੀਦਕੋਟ (ਜਸਵੰਤ ਜੱਸ) ਖੇਡ ਵਿਭਾਗ ਪੰਜਾਬ ਵੱਲੋਂ 29 ਅਗਸਤ ਤੋਂ ਸ਼ੁਰੂ ਕੀਤੀਆਂ ਗਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਨਹਿਰੂ ਸਟੇਡੀਅਮ ਫਰੀਦਕੋਟ ’ਚ ਬਲਾਕ ਪੱਧਰੀ ਖੇਡ ਮੁਕਾਬਿਆਂ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੇਡਾਂ ਦਾ ਆਗਾਜ਼ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ। ਵਿਧਾਇਕ ਸੇਖੋਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਰੀਰਕ ਤੇ ਦਿਮਾਗੀ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ ਤੇ ਜਿੱਥੇ ਖੇਡਾਂ ਨਾਲ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਇਸ ਨਾਲ ਖਿਡਾਰੀਆਂ ’ਚ ਆਪਸੀ ਤੇ ਭਾਈਚਾਰਕ ਸਾਂਝ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨਾ ਇੱਕ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਉਮਰ ਵਰਗ ਅੰਡਰ-14 ਤੇ 17 (ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ, ਵਾਲੀਬਾਲ ਅਤੇ ਰੱਸਾ-ਕਸੀ) ਦੇ ਕੁੱਲ 1500 ਦੇ ਕਰੀਬ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।