ਸ਼ਗਨ ਕਟਾਰੀਆ
ਬਠਿੰਡਾ, 29 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇੱਥੇ ਹਾਜੀ ਰਤਨ ਗੁਰਦੁਆਰਾ ਸਾਹਿਬ ਵਿੱਚ ਹੋਈ ਵਿਸ਼ਾਲ ਮੀਟਿੰਗ ’ਚ 31 ਜਨਵਰੀ ਦੇ ‘ਵਿਸ਼ਵਾਸ਼ਘਾਤ ਦਿਵਸ’ ਨੂੰ ਸਫ਼ਲ ਬਣਾਉਣ ਅਤੇ ਚੋਣਾਂ ਦੇ ਸਬੰਧ ’ਚ ਪੈਂਤੜੇ ਨੂੰ ਅਮਲੀ ਰੂਪ ਦੇਣ ਲਈ ਲੰਮੀ ਚਰਚਾ ਕੀਤੀ ਗਈ।
ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ’ਚ 31 ਜਨਵਰੀ ਨੂੰ ‘ਵਿਸ਼ਵਾਸ਼ਘਾਤ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ-ਇੱਕ ਜੀਅ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਸਾਨਾਂ ਨੂੰ ਵੋਟਾਂ ਤੋਂ ਭਲੇ ਦੀ ਝਾਕ ਛੱਡ ਕੇ ਮਸਲਿਆਂ ਲਈ ਸੰਘਰਸ਼ਾਂ ’ਤੇ ਟੇਕ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਉਮੀਦਵਾਰਾਂ ਨੂੰ ਸਵਾਲ ਕਰਨ ਅਤੇ ਇਸ ਬਾਰੇ ਪਿੰਡਾਂ ’ਚ ਫ਼ਲੈਕਸਾਂ ਲਾਉਣ ਲਈ ਸੁਆਲਨਾਮਾ ਵੀ ਕਿਸਾਨਾਂ ਨੂੰ ਵੰਡਿਆ।
ਇਸ ਤੋਂ ਪਹਿਲਾਂ ਜ਼ਿਲ੍ਹਾ ਆਗੂਆਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਬਠਿੰਡਾ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨੀ ਮੰਗਾਂ ਹਫ਼ਤੇ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਬਰਨਾਲਾ (ਪਰਸ਼ੋਤਮ ਬੱਲੀ): ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਤਰਕਸ਼ੀਲ ਭਵਨ ਵਿੱਚ ਡਾ. ਕੁਲਵੰਤ ਸਿੰਘ ਠੀਕਰੀਵਾਲਾ, ਗੁਰਵਿੰਦਰ ਸਿੰਘ ਕਾਲ਼ੇਕੇ, ਕੁਲਜੀਤ ਸਿੰਘ ਵਜੀਦਕੇ, ਬੂਟਾ ਸਿੰਘ ਠੀਕਰੀਵਾਲ ਅਤੇ ਵਰਿੰਦਰ ਸਿੰਘ ਅਜ਼ਾਦ ਦੀ ਪ੍ਰਧਾਨਗੀ ਹੇਠ ਹੋਈ।
ਆਗੂਆਂ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਜੋ ਲਿਖਤੀ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ। ਜਿਸ ਤਹਿਤ 31 ਜਨਵਰੀ ਨੂੰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।