ਪੱਤਰ ਪ੍ਰੇਰਕ
ਬਠਿੰਡਾ, 11 ਨਵੰਬਰ
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਬਲਾਕ ਮੌੜ ਅਤੇ ਰਾਮਪੁਰਾ ਦੇ ਸਰਪੰਚਾਂ ਨਾਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਬੈਠਕ ਦੌਰਾਨ ਡੀਸੀ ਵੱਲੋਂ ਸਰਪੰਚਾਂ ਨਾਲ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਅਤੇ ਨਵੇਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀਆਂ ਪਿੰਡਾਂ ਦੀਆਂ ਸਾਂਝੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਸਬੰਧੀ ਯੋਜਨਾ ਸਹੀਂ ਤਰੀਕੇ ਨਾਲ ਬਣਾਈਆਂ ਜਾਣ ਤਾਂ ਜੋ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਪੇਸ਼ ਆਵੇ। ਡੀਸੀ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੀ ਰਿਪੋਰਟ ਵੀ ਜਲਦ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਸਮੱਸਿਆਵਾਂ ਸਬੰਧੀ ਰਿਪੋਰਟ ਜਲਦ ਤਿਆਰ ਕਰਕੇ ਭੇਜੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ, ਐੱਸਡੀਐੱਮ ਕੰਵਰਦੀਪ ਸਿੰਘ ਹਾਜ਼ਰ ਸਨ।