
ਬਠਿੰਡਾ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਡੀਸੀ ਸ਼ੌਕਤ ਅਹਿਮਦ ਪਰੇ। -ਫੋਟੋ: ਸ਼ਰਮਾ
ਸ਼ਗਨ ਕਟਾਰੀਆ
ਬਠਿੰਡਾ, 23 ਮਾਰਚ
ਸ਼ਹੀਦਾਂ ਦੀ ਯਾਦ ’ਚ ਪ੍ਰਸਿੱਧ ਸੰਸਥਾ ‘ਸਹਾਰਾ ਜਨ ਸੇਵਾ ਬਠਿੰਡਾ’ ਵੱਲੋਂ ਇੱਥੇ ਆਰੀਆ ਸਮਾਜ ਚੌਕ ’ਚ ਸਮਾਗਮ ਕਰਵਾਇਆ ਗਿਆ। ਇੱਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੌਕ ਵਿੱਚ ਸਥਾਪਿਤ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਰਕ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਡਿਪਟੀ ਕਮਿਸ਼ਨਰ ਨੇ ਅਮਨ ਸ਼ਾਂਤੀ ਦੇ ਪ੍ਰਤੀਕ ਦੋ ਚਿੱਟੇ ਕਬੂਤਰ ਅਤੇ ਰੰਗ-ਬਿਰੰਗੇ ਗੁਬਾਰੇ ਅੰਬਰ ਵਿੱਚ ਛੱਡੇ।
ਮਹਿਲ ਕਲਾਂ (ਨਵਕਿਰਨ ਸਿੰਘ): ਸ਼ਹੀਦ ਭਗਤ ਸਿੰਘ ਕਾਲਜ ਆਫ ਫਾਰਮੈਸੀ ਮਹਿਲ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਲਾਜਪਤ ਰਾਏ ਬਾਂਸਲ ਅਤੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ, ਕਾਲਜ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਤਰ੍ਹਾਂ ਪਿੰਡ ਹਮੀਦੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਪੱਖੋ ਕੈਂਚੀਆਂ (ਰੋਹਿਤ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 23 ਮਾਰਚ ਦੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਟੌਲ ਪਲਾਜ਼ਾ ਪੱਖੋਂ ਕੈਂਚੀਆਂ ’ਤੇ ਮਨਾਇਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ਨੂੰ ਅਪਣਾਉਣ ਚਾਹੀਦਾ ਹੈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਖੁੰਡੇ ਹਲਾਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਸ਼ਹੀਦਾਂ ਦੇ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਪਿੰਡ ਤਲਵੰਡੀ ਭੰਗੇਰੀਆਂ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼ਹੀਦਾਂ ਦੀ ਵਿਚਾਰਧਾਰਾ ਉੱਤੇ ਚੱਲਣ ਦਾ ਅਹਿਦ ਲਿਆ ਗਿਆ। ਜਥੇਬੰਦੀ ਸੂਬਾ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਕਿਸ਼ਨਪੁਰਾ, ਨਛੱਤਰ ਸਿੰਘ ਹੇਰਾਂ ਅਤੇ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇਸ਼ ਦੇ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਵਿਚ ਸਮਾਜਵਾਦੀ ਪ੍ਰਬੰਧ ਦੀ ਸਥਾਪਨਾ ਦੇ ਸੁਪਨੇ ਵੇਖੇ ਸਨ ਪਰ ਅੱਜ ਦੇਸ਼ ਅਤੇ ਦੁਨੀਆਂ ਦੀਆਂ ਸਰਮਾਏਦਾਰੀ ਧਿਰਾਂ ਵੱਲੋਂ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।

ਬਠਿੰਡਾ (ਮਨੋਜ ਸ਼ਰਮਾ): ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ’ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਬਾਬਾ ਫ਼ਰੀਦ ਕਾਲਜ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਭਗਤ ਸਿੰਘ ਦੇ ਭਾਣਜੇ ਅੱਜ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਹਨ। ਪ੍ਰੋ. ਜਗਮੋਹਨ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਲਿਖਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਗਤ ਸਿੰਘ ਦੇ ਜੀਵਨ ਪ੍ਰਸੰਗਾਂ ਦੀ ਅਸਲ ਹਕੀਕਤ ਅਤੇ ਮਹੱਤਵਪੂਰਨ ਤੱਥਾਂ ਨੂੰ ਉਜਾਗਰ ਕੀਤਾ। ਇਸ ਮੌਕੇ ਉਨ੍ਹਾਂ ਖ਼ੂਨਦਾਨ ਕਰਨ ਵਾਲੇ 70 ਤੋਂ ਵੱਧ ਵਿਦਿਆਰਥੀਆਂ ਅਤੇ 15 ਫੈਕਲਟੀ ਮੈਂਬਰਾਂ ਦਾ ਸਨਮਾਨ ਕੀਤਾ।
ਏਲਨਾਬਾਦ (ਜਗਤਾਰ ਸਮਾਲਸਰ): ਪ੍ਰਯਾਸ ਫਾਊਡੇਸ਼ਨ ਅਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਟਰੱਸਟ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਨਸ਼ੇ ਤੋਂ ਆਜ਼ਾਦੀ ਪ੍ਰੋਗਰਾਮ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਪ੍ਰਯਾਸ ਫਾਊਡੇਸ਼ਨ ਦੇ ਸੰਸਥਾਪਕ ਅਤੇ ਹਿਸਾਰ ਰੇਂਜ ਦੇ ਏਡੀਜੀਪੀ ਸ੍ਰੀਕਾਂਤ ਜਾਧਵ ਨੇ ਵਿਸ਼ੇਸ ਰੂਪ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਆਖਿਆ ਨੌਜਵਾਨਾਂ ਵਿੱਚ ਬਹੁਤ ਜੋਸ਼ ਹੁੰਦਾ ਹੈ ਪਰ ਉਸ ਜੋਸ਼ ਦੀ ਵਰਤੋਂ ਅਸੀ ਕਿੱਥੇ ਕਰ ਹਾਂ ਇਹ ਵੱਡਾ ਸਵਾਲ ਹੈ।
ਸਿਰਸਾ (ਪ੍ਰਭੂ ਦਿਆਲ): ਦੇਸ਼ ਭਗਤ ਯਾਦਗਾਰ ਕੇਂਦਰ, ਸਿਰਸਾ ਤੇ ਕਈ ਹੋਰ ਸੰਸਥਾਵਾਂ ਵੱਲੋਂ ਵੱਖ-ਵੱਖ ਥਾਈਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਨੌਜਵਾਨਾਂ ਨੇ ਸ਼ਹਿਦਾਂ ਦੇ ਵਿਖਾਏ ਰਾਹ ’ਤੇ ਚੱਲਣ ਦਾ ਅਹਿਦ ਲਿਆ। ਦੇਸ਼ ਭਗਤ ਯਾਦਗਾਰ ਕੇਂਦਰ ਨਾਲ ਜੁੜੇ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਚੌਕ ’ਚ ਲੱਗੇ ਸ਼ਹੀਦ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾਏ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਪਾਰਕ ’ਚ ਲੱਗੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ’ਤੇ ਹਾਰ ਪਾਏ ਤੇ ਸ਼ਰਧਾਂਜਲੀ ਭੇਟ ਕਰਦਿਆਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਰਮੇਸ਼ ਮਹਿਤਾ ਐਡਵੋਕੇਟ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਜਾਣਨਾ ਅੱਜ ਦੀ ਪੀੜ੍ਹੀ ਲਈ ਜ਼ਰੂਰੀ ਹੈ।

ਮਾਨਸਾ (ਜੋਗਿੰਦਰ ਸਿੰਘ ਮਾਨ): ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਈਕੋ ਵ੍ਹੀਲਰ ਸਾਈਕਲ ਗਰੁੱਪ ਵਲੋਂ ਇੱਕ ਸਾਈਕਲ ਰੇਸ ਕਰਵਾਈ ਗਈ। ਈਕੋ ਵ੍ਹੀਲਰ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਕਿਹਾ ਕੌਮ ਦੇ ਸ਼ਹੀਦਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਇਸੇ ਦੌਰਾਨ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਲਵਲੀਨ ਦੀ ਅਗਵਾਈ ਵਿਚ ਸ਼ਹੀਦੀ ਦਿਵਸ ਮੌਕੇ ਲੈਕਚਰ ਕਰਵਾਇਆ ਗਿਆ। ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਬ੍ਰਿਟਿਸ਼ ਸਰਕਾਰ ਦੀ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ ਹੀ ਫਾਂਸੀ ਦਾ ਰੱਸਾ ਚੁੰਮਿਆ।
ਅਜੀਤਵਾਲ (ਗੁਰਪ੍ਰੀਤ ਦੌਧਰ): ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਰੇਨੂੰ, ਸਟਾਫ ਅਤੇ ਵਿਦਿਆਰਥੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਭਦੌੜ (ਰਾਜਿੰਦਰ ਵਰਮਾ): ਨਗਰ ਕੌਂਸਲ ਭਦੌੜ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਨਗਰ ਕੌਂਸਲ ਵੱਲੋਂ ਸ਼ਹੀਦ-ਏ ਆਜ਼ਮ ਦਾ ਬੁੱਤ ਸਥਾਪਿਤ ਕਰਕੇ ਉਸ ਦਾ ਨਾਮ ਸ਼ਹੀਦ ਭਗਤ ਸਿੰਘ ਚੌਕ ਰੱਖਿਆ ਗਿਆ। ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮੁਨੀਸ਼ ਗਰਗ, ਪਰਮਜੀਤ ਤਲਵਾੜ, ਕੀਰਤ ਸਿੰਗਲਾ ਨੇ ਕਿਹਾ ਕਿ ਸਾਨੂੰ ਇਨ੍ਹਾਂ ਮਹਾਨ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ