ਸ਼ਗਨ ਕਟਾਰੀਆ
ਬਠਿੰਡਾ, 20 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵਰਚੁਅਲ ਸਮਾਗਮ ਦੌਰਾਨ ਕਰਜ਼ਾ ਰਾਹਤ ਦੇ 5ਵੇਂ ਪੜਾਅ ਦੀ ਸ਼ੁਰੂਆਤ ਹੋਈ। ਇਸ ਮੌਕੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲ੍ਹਾ ਬਠਿੰਡਾ ਦੇ 10 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰ ਵੰਡੇ। ਉਨ੍ਹਾਂ ਨਾਲ ਏਡੀਸੀ ਪਰਮਵੀਰ ਸਿੰਘ ਵੀ ਮੌਜੂਦ ਸਨ। ਸ੍ਰੀ ਕਾਂਗੜ ਨੇ ਦੱਸਿਆ ਕਿ ਸਰਕਾਰ ਨੇ ‘ਕਿਸਾਨ ਕਰਜ਼ਾ ਰਾਹਤ ਸਕੀਮ’ ਤਹਿਤ ਜ਼ਿਲ੍ਹੇ ਦੇ 9065 ਬੇਜ਼ਮੀਨੇ ਕਿਸਾਨਾਂ ਦਾ 14.90 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ।
ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ 2.85 ਲੱਖ ਲੋਕਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਇਸ ਸਬੰਧ ’ਚ ਜ਼ਿਲ੍ਹਾ ਪੱਧਰ ’ਤੇ ਹੋਏ ਸਮਾਗਮ ਦੌਰਾਨ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ, ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਅਤੇ ਫਾਜ਼ਿਲਕਾ ਦੇ ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡ ਕੇ ਜ਼ਿਲ੍ਹੇ ’ਚ ਸਕੀਮ ਸ਼ੁਰੂ ਕਰਵਾਈ। ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ 3518 ਲੋਕਾਂ ਦਾ 6 ਕਰੋੜ 27 ਲੱਖ 83 ਹਜ਼ਾਰ 99 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 39 ਸੁਸਾਇਟੀਆਂ ਨਾਲ ਸਬੰਧਤ ਲਾਭ ਪਾਤਰੀਆਂ ਦੇ ਕਰਜ਼ੇ ਮੁਆਫ਼ ਹੋਏ ਹਨ।
ਫ਼ਰੀਦਕੋਟ (ਜਸਵੰਤ ਜੱਸ): ਇੱਥੇ ਡਿਪਟੀ ਕਮਿਸ਼ਨਰ ਨੇ ਪੰਜ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਵਜੋਂ ਚੈੱਕ ਅਤੇ ਸਰਟੀਫਿਕੇਟ ਵੰਡ ਕੇ ਕਰਜ਼ਾ ਰਾਹਤ ਸਕੀਮ ਦਾ ਆਗਾਜ਼ ਕੀਤਾ। ਡੀਸੀ ਵਿਲਮ ਕੁਮਾਰ ਸੇਤੀਆ ਨੇ ਦੱਸਿਆ ਕਿ ਇਸ ਸਕੀਮ ਤਹਿਤਫਰੀਦਕੋਟ ਜ਼ਿਲ੍ਹੇ ’ਚ ਕੁੱਲ 75 ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 10,898 ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਨੂੰ ਲਾਭ ਮਿਲੇਗਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਮੁੱਖ ਮੰਤਰੀ ਨੇ ਅੱਜ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿੱਚ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਮਹਿੰਦਰ ਪਾਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਸਮਾਰੋਹ ਵਿਚ ਹਿੱਸਾ ਲਿਆ ਅਤੇ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਕੁਝ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ।