ਸ਼ਗਨ ਕਟਾਰੀਆ
ਬਠਿੰਡਾ, 14 ਦਸੰਬਰ
ਦੇਸ਼ ਦੀਆਂ ਕਿਸਾਨ ਜਥੇਬੰਦੀਆਂ ’ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਸੰਗਠਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਖੇਤੀ ਵਿਰੋਧੀ ਤਿੰਨ ਕਾਨੂੰਨਾਂ, ਬਿਜਲੀ ਸੋਧ ਕਾਨੂੰਨ-2020 ਤੇ ਪਰਾਲੀ ਦੇ ਪ੍ਰਦੂਸ਼ਣ ਲਈ ਬਣੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸਿਵਲ ਹਸਪਤਾਲ ਕੋਲ ਧਰਨਾ ਦੇਣ ਮਗਰੋਂ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ’ਤੇ ਤਰ੍ਹਾਂ-ਤਰ੍ਹਾਂ ਦੇ ਦੋਸ਼ ਲਾ ਕੇ ਹੱਕੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪੂਰਾ ਟਿੱਲ ਲਾ ਰਹੀ ਹੈ। ਹਰਪ੍ਰੀਤ ਕੌਰ ਜੇਠੂਕੇ ਨੇ ਦੱਸਿਆ ਕਿ ਭਲਕੇ ਵੱਡੀ ਗਿਣਤੀ ਵਿੱਚ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰ ਵਿਛੜੇ ਪਰਿਵਾਰਕ ਮੈਂਬਰਾਂ ਦੀਆਂ ਫੋਟੋਆਂ ਲੈ ਕੇ ਦਿੱਲੀ ਮੋਰਚੇ ਵਿੱਚ ਪਹੁੰਚਣਗੇ। ਕਿਸਾਨ ਸੰਘਰਸ਼ ਸਮਰਥਨ ਕਮੇਟੀ ਦੇ ਕਨਵੀਨਰ ਰੇਸ਼ਮ ਸਿੰਘ ਨੇ ਕਿਹਾ ਕਿ ਉਹ ਕਿਸਾਨ ਘੋਲ਼ ਦੀ ਹਰ ਤਰ੍ਹਾਂ ਨਾਲ ਮੱਦਦ ਕਰਦੇ ਰਹਿਣਗੇ। ਧਰਨੇ ਨੂੰ ਦਰਸ਼ਨ ਸਿੰਘ ਮਾਈਸਰਖਾਨਾ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਜਗਰੂਪ ਸਿੰਘ, ਆਸ਼ਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮੇਵਾ ਸਿੰਘ ਆਦਿ ਨੇ ਸੰਬੋਧਨ ਕੀਤਾ।
ਉਗਰਾਹਾਂ ਧੜੇ ਤੋਂ ਇਲਾਵਾ ਬਾਕੀ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੇ ਭਰਾਤਰੀ ਸੰਗਠਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਆਪੀ ਕਿਸਾਨ ਸੰਘਰਸ਼ ਕਿਰਤੀ ਵਰਗਾਂ ਦੇ ਸਿਦਕ ਸਦਕਾ ‘ਲੋਕ ਯੁੱਧ’ ਵਿੱਚ ਵਟ ਚੁੱਕਾ ਹੈ।
ਮੁਕਤਸਰ ’ਚ ਉਗਰਾਹਾਂ ਗਰੁੱਪ ਵੱਲੋਂ ਵੱਖਰਾ ਮੁਜ਼ਾਹਰਾ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ) ਜਿਸ ਵੇਲੇ ਬਹੁਤੀਆਂ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਦਾ ਘਿਰਾਓ ਕਰ ਰਹੀਆਂ ਸਨ, ਉਥੇ ਭਾਰਤੀ ਕਿਸਾਨ ਯੂਨੀਅਨ ( ਏਕਤਾ-ਉਗਰਾਹਾਂ) ਵੱਲੋਂ ਡੀ ਸੀ ਦਫ਼ਤਰ ਲਾਗੇ ‘ਮੀਨਾਰ-ਏ-ਮੁਕਤਾ’ ਵਿਖੇ ਰੋਸ ਮੁਜ਼ਾਹਰਾ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਗੁਰਾਂਦਿੱਤਾ ਸਿੰਘ ਭਾਗਸਰ, ਰਾਜਾ ਸਿੰਘ ਮਹਾਂਬਧਰ, ਸੁਖਰਾਜ ਸਿੰਘ ਰਹੁੜਿਆਂ ਵਾਲੀ, ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਗੁਰਮੀਤ ਸਿੰਘ ਮੱਲਣ, ਸੁੱਚਾ ਸਿੰਘ ਕੋਟਭਾਈ, ਤਰਸੇਮ ਖੁੰਡੇ ਹਲਾਲ ਤੇ ਲਖਵੀਰ ਸਿੰਘ ਹਰੀਕੇ ਨੇ ਕੇਂਦਰੀ ਹਕੂਮਤ ਵੱਲੋਂ ਕਿਸਾਨ ਮੰਗਾਂ ਦੇ ਸਬੰਧ ਵਿੱਚ ਭੇਜੀਆਂ ਤਜਵੀਜ਼ਾਂ ਨੂੰ ਮੁਢੋਂ ਰੱਦ ਕਰ ਦਿੱਤਾ ਹੈ ਤੇ ਇਸ ਨੂੰ ਮੋਦੀ ਦੀ ਘੋਰ ਕਿਸਾਨ ਵਿਰੋਧੀ ਪਹੁੰਚ ਕਰਾਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਮੁਲਕ ਭਰ ਦੇ ਲੋਕਾਂ ਵੱਲੋਂ ਕਿਸਾਨਾਂ ਦੀ ਹਮਾਇਤ ’ਚ ਉੱਤਰ ਆਉਣ ਦੇ ਬਾਵਜੂਦ ਹਕੂਮਤ ਕਾਰਪੋਰੇਟਾਂ ਦੀ ਸੇਵਾ ਲਈ ਪੱਬਾਂ ਭਾਰ ਹੋਈ ਖੜ੍ਹੀ ਹੈ।