ਵਿਜੀਲੈਂਸ ਵਲੋਂ ਬਠਿੰਡਾ ਅਨਾਜ ਮੰਡੀ ਵਿੱਚ ਅਚਨਚੇਤ ਚੈਕਿੰਗ
ਟੀਮ ਵੱਲੋਂ ਕਿਸਾਨਾਂ ਨਾਲ ਗੱਲਬਾਤ; ਆਉਂਦੇ ਦਿਨਾਂ ’ਚ ਵੀ ਜਾਰੀ ਰਹੇਗੀ ਚੈਕਿੰਗ
ਵਿਜੀਲੈਂਸ ਬਿਊਰੋ ਨੇ ਬਠਿੰਡਾ, ਮਾਨਸਾ ਅਤੇ ਮੁਕਤਸਰ ਦੀਆਂ ਅਨਾਜ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਹਾਲਾਂਕਿ ਇਸ ਦੌਰਾਨ ਫ਼ਸਲ ਵੇਚਣ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਰੁਕਾਵਟ ਜਾਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਠੱਗੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।
ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀਐੱਸਪੀ ਕੁਲਵੰਤ ਸਿੰਘ ਲਹਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ, ਡੀਜੀਪੀ ਵਿਜੀਲੈਂਸ ਵਿਭਾਗ ਪੀ. ਕੇ. ਸਿਨਹਾ ਅਤੇ ਬਠਿੰਡਾ ਦੇ ਐੱਸਐੱਸਪੀ ਵਿਜੀਲੈਂਸ ਵਿਜੇ ਕਪਿਲ ਦੀਆਂ ਹਦਾਇਤਾਂ ’ਤੇ ਟੀਮਾਂ ਦਾ ਗਠਨ ਕਰਕੇ ਮੰਡੀਆਂ ਵਿੱਚ ਬਾਰਦਾਨਾ, ਤੋਲ ਅਤੇ ਢੋਆ-ਢੁਆਈ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਉੱਥੇ ਬੈਠੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਹੈ।
ਡੀਐੱਸਪੀ ਨੇ ਦੱਸਿਆ ਕਿ ਸਾਰੀ ਰਜਿਸਟ੍ਰੇਸ਼ਨ ਦੀ ਵੀ ਜਾਂਚ ਕੀਤੀ ਗਈ ਅਤੇ ਕੁਝ ਗੜਬੜ ਨਹੀਂ ਮਿਲੀ। ਉਨ੍ਹਾਂ ਸਪੱਸਟ ਕੀਤਾ ਕਿ ਵਿਜੀਲੈਂਸ ਟੀਮਾਂ ਇਹ ਚੈਕਿੰਗ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਣਗੀਆਂ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਬਿਨਾਂ ਕਿਸੇ ਰੁਕਾਵਟ ਦੇ ਵੇਚਣ ਦਾ ਪੂਰਾ ਹੱਕ ਮਿਲੇ। ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਅਤੇ ਸੈਕਟਰੀ ਰਵਿੰਦਰ ਸਿੰਗਲਾ ਵੀ ਚੈਕਿੰਗ ਦੌਰਾਨ ਮੌਜੂਦ ਰਹੇ।