ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 8 ਅਗਸਤ
ਪੰਜ ਮਜ਼ਦੂਰ ਸੰਗਠਨਾਂ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨਾ ਦੇਣ ਸਮੇਤ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਧਰਨਾਕਾਰੀ ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ ਕਈ ਮੰਗਾਂ ਦਾ ਖਰੜਾ ਲੈ ਕੇ ਇੱਥੇ ਪਹੁੰਚੇ ਸਨ।
ਇਸ ਮੌਕੇ ਪ੍ਰਦਰਸ਼ਨ ’ਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਤੀਰਥ ਸਿੰਘ ਕੋਠਾ ਗੁਰੂ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਨੰਦਗੜ੍ਹ, ਕਾਮਰੇਡ ਮਹੀ ਪਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ, ਜਗਸੀਰ ਸਿੰਘ ਮਹਿਰਾਜ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਰਾਮਪੁਰਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਕਾਕਾ ਸਿੰਘ ਅਤੇ ਜਸਵੀਰ ਕੌਰ ਸਰਾਂ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਲਈ ਰੁਜ਼ਗਾਰ ਦਾ ਪੱਕਾ ਪ੍ਰਬੰਧ ਹੋਵੇ, ਮਨਰੇਗਾ ਤਹਿਤ ਇੱਕੋ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਲ ਭਰ ਦਾ ਕੰਮ ਦਿੱਤਾ ਜਾਵੇ, ਮਨਰੇਗਾ ਤੇ ਮਜ਼ਦੂਰ ਦੀ ਦਿਹਾੜੀ 700 ਰੁਪਏ ਕੀਤੀ ਜਾਵੇ, ਸਰਕਾਰ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਦੇਵੇ, ਮਜ਼ਦੂਰਾਂ ਦੇ ਸਮੁੱਚੇ ਸਰਕਾਰੀ ਅਤੇ ਗ਼ੈਰ-ਸਰਕਾਰੀ ਕਰਜ਼ੇ ਮੁਆਫ਼ ਕੀਤੇ ਜਾਣ, ਮਜ਼ਦੂਰਾਂ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਮਜ਼ਦੂਰਾਂ ਨੂੰ 10 ਮਰਲੇ ਦੇ ਪਲਾਟ ਅਤੇ ਮਕਾਨ ਉਸਾਰੀ ਲਈ 5 ਲੱਖ ਰੁਪਏ ਦਿੱਤੇ ਜਾਣ। ਇਸ ਦੌਰਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 12 ਸਤੰਬਰ ਤੋਂ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਮਿਆਦੀ ਧਰਨਾ ਲਾਇਆ ਜਾਵੇਗਾ।
ਫ਼ਰੀਦਕੋਟ (ਜਸਵੰਤ ਜੱਸ): ਸੱਤ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹੇ ਦੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਣਾ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਗੁਰਤੇਜ ਸਿੰਘ ਹਰੀ ਨੌਂ ਅਤੇ ਮਲਕੀਤ ਸਿੰਘ ਸ਼ੇਰ ਸਿੰਘ ਵਾਲਾ, ਸਿਕੰਦਰ ਸਿੰਘ ਜਿੱਤ ਗਿੱਲ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ 12 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਕੱਠ ਕਰ ਕੇ ਮਜ਼ਦੂਰ ਮੰਗਾਂ ਮਨਾਉਣ ਲਈ ਮੋਰਚਾ ਲਾਇਆ ਜਾਵੇਗਾ।