ਬਠਿੰਡਾ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇੱਥੇ ਮਿਨੀ ਸਕੱਤਰੇਤ ਅੱਗੇ ਜਾਰੀ ਬੇਮਿਆਦੀ ਧਰਨੇ ਦੌਰਾਨ ਅੱਜ ਦਿਨੇ ਸੰਘਰਸ਼ਕਾਰੀ ਕਿਸਾਨਾਂ ਨੇ ਸਕੱਤਰੇਤ ਦੇ ਚਾਰੇ ਦਰਵਾਜ਼ੇ ਬੰਦ ਕਰ ਦਿੱਤੇ। ਨਤੀਜੇ ਵਜੋਂ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਦਫ਼ਤਰਾਂ ਵਿੱਚ ਘਿਰ ਗਏ। ਖ਼ਬਰ ਲਿਖੇ ਜਾਣ ਤੱਕ ਇਹ ਐਕਸ਼ਨ ਜਾਰੀ ਸੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਨਰਮੇ ਦੀ ਫ਼ਸਲ ਦੇ ਹੋਏ ਖਰਾਬੇ ਦਾ ਮੁਆਵਜ਼ਾ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਤੱਕ ਸੀਮਤ ਕਰਨ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੋਂ ਕਿਸਾਨ ਖ਼ਫ਼ਾ ਹਨ। ਹਰਿਆਣਾ ਕਿਸਾਨ ਮੰਚ ਦੇ ਆਗੂ ਬਾਬਾ ਗੁਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਦੇ ਕਿਸਾਨਾਂ ਦੇ ਨਾਲ ਹੈ ਅਤੇ ਜਦੋਂ ਵੀ ਪੰਜਾਬ ਦੀ ਕਿਸਾਨ ਜਥੇਬੰਦੀ ਆਵਾਜ਼ ਮਾਰੇਗੀ, ਉਹ ਸੰਘਰਸ਼ ’ਚ ਸ਼ਾਮਿਲ ਹੋ ਜਾਣਗੇ। ਇਕੱਠ ਨੂੰ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ਤੇ ਹਰਪ੍ਰੀਤ ਕੌਰ ਜੇਠੂਕੇ ਨੇ ਵੀ ਸੰਬੋਧਨ ਕੀਤਾ।