ਡਾ, ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪੈਦਲ ਗੁਰਮਤਿ ਮਾਰਚ ਕੀਤਾ ਗਿਆ। ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਗੁਰਮਤਿ ਸੱਭਿਆਚਾਰ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਡਾ. ਬਿਕਰਮਜੀਤ ਸਿੰਘ, ਸੁਖਮਿੰਦਰ ਸਿੰਘ ਆਦਿ ਨੇ ਗੁਰਮਤਿ ਸਮਾਗਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਕਾ ਪੰਜਾ ਸਾਹਿਬ ਦੇ ਪਹਿਲੇ ਸ਼ਹੀਦ ਭਾਈ ਕਰਮ ਸਿੰਘ ਦੇ ਵੰਸ਼ ’ਚੋਂ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਪ੍ਰੋ. ਹਰਗੁਣਪ੍ਰੀਤ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਡਾ. ਗੁਰਬਾਜ ਸਿੰਘ, ਪ੍ਰੋ. ਹਰਗੁਣਪ੍ਰੀਤ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।