ਮਿਹਰ ਸਿੰਘ
ਕੁਰਾਲੀ, 21 ਅਗਸਤ
ਉਚੇਰੀ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਕਿਹਾ ਕਿ ‘ਆਪ’ ਸਰਕਾਰ ਨੇ ਉੱਚ ਸਿੱਖਿਆ ਬਜਟ ਵਿੱਚ 16 ਫੀਸਦ ਵਾਧਾ ਕੀਤਾ ਹੈ। ਉਹ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਕਰਵਾਏ ‘ਪੰਜਾਬ ਵਿੱਚ ਉੱਚ ਸਿੱਖਿਆ ਅਤੇ ਨਵੀਂ ਸੂਬਾ ਸਰਕਾਰ: ਉਮੀਦਾਂ, ਇੱਛਾਵਾਂ, ਦ੍ਰਿਸ਼ਟੀ ਅਤੇ ਅੱਗੇ ਦਾ ਰਸਤਾ’ ਵਿਸ਼ੇ ’ਤੇ ਰਾਜ ਪੱਧਰੀ ਸੈਮੀਨਾਰ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਸ੍ਰੀ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਉੱਚ ਸਿੱਖਿਆ ਵਿੱਚ ਵੱਡੇ ਪੱਧਰ ’ਤੇ ਸੁਧਾਰ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਨਾਲ ਨਾ ਸਿਰਫ ਅਧਿਆਪਕਾਂ ਦਾ ਸ਼ੋਸ਼ਣ ਖਤਮ ਹੋਵੇਗਾ, ਸਗੋਂ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਤੋਂ ਰੋਕਿਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਕਾਲਜਾਂ ਦੇ ਅਧਿਆਪਕਾਂ ਦਾ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਸਾਬਕਾ ਰਜਿਸਟਰਾਰ ਤੇ ਸਿੱਖਿਆ ਮਾਹਿਰ ਡਾ. ਪਿਆਰਾ ਲਾਲ ਗਰਗ ਨੇ ਰਾਜ ਅਤੇ ਕੇਂਦਰ ਸਰਕਾਰ ਦੀਆਂ ਮੌਜੂਦਾ ਨੀਤੀਆਂ ਬਾਰੇ ਚਰਚਾ ਕੀਤੀ। ਪੱਤਰਕਾਰ ਜਤਿੰਦਰ ਪੰਨੂ ਨੇ ਅਕਾਦਮਿਕ ਮਿਆਰ ਵਿੱਚ ਆ ਰਹੇ ਨਿਘਾਰ ਤੇ ਫੈਕਲਟੀ ਅਤੇ ਵਿਦਿਆਰਥੀਆਂ ਦੇ ਸੋਸ਼ਣ ਨੂੰ ਸਮਾਜ ਲਈ ਚਿੰਤਾ ਦਾ ਵਿਸ਼ਾ ਦੱਸਿਆ। ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਕਾਨੂੰਨੀ ਉਪਬੰਧਾਂ ਅਤੇ ਉਪਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਜਦੋਂਕਿ ਡਾ. ਪਰਵਿੰਦਰ ਸਿੰਘ ਨੇ ਅਕਾਦਮਿਕ ਵਜੋਂ ਆਪਣੇ ਤਜਰਬੇ ਸਾਂਝੇ ਕੀਤੇ।
ਯੂਨੀਵਰਸਿਟੀ ਦੇ ਚਾਂਸਲਰ ਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਪ੍ਰੋ. ਤਰੁਣ ਘਈ ਨੇ ਸਰਕਾਰ ਦੀ ਗ੍ਰਾਂਟ-ਇਨ-ਏਡ ਸਕੀਮ ਵਿੱਚ ਗੈਰ-ਸਹਾਇਤਾ ਪ੍ਰਾਪਤ ਅਧਿਆਪਕਾਂ ਨੂੰ ਸ਼ਾਮਿਲ ਕਰਨ ਦੇ ਮੁੱਦਿਆਂ ਨੂੰ ਉਜਾਗਰ ਕਰਦਿਆਂ ਯੂਜੀਸੀ ਦੇ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਪਰਵਿੰਦਰ ਸਿੰਘ, ਵੀਸੀ, ਰਿਆਤ ਬਾਹਰਾ ਯੂਨੀਵਰਸਿਟੀ, ਏ.ਯੂ.ਸੀ.ਟੀ ਦੇ ਜਨਰਲ ਸਕੱਤਰ ਪ੍ਰੋਫੈਸਰ ਜਸਪਾਲ ਸਿੰਘ, ਅਸ਼ੋਕ ਗੋਇਲ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਾਲਜਾਂ ਦੇ ਅਧਿਆਪਕਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਅਤੇ ਡੈਲੀਗੇਟਸ ਹਾਜ਼ਰ ਸਨ।