ਚੰਡੀਗੜ੍ਹ ਵਿੱਚ ਸ਼ਰਾਬ ਦੇ 17 ਠੇਕੇ ਸੀਲ
ਚੰਡੀਗੜ੍ਹ ਪ੍ਰਸ਼ਾਸਨ ਦੇ ਕਰ ਅਤੇ ਆਬਕਾਰੀ ਵਿਭਾਗ ਨੇ ਸ਼ਰਾਬ ਠੇਕੇਦਾਰਾਂ ਵੱਲੋਂ ਲਾਇਸੈਂਸ ਫੀਸ ਨਾ ਭਰ ਕੇ ਪ੍ਰਸ਼ਾਸਨ ਨੂੰ ਚੂਨਾ ਲਗਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ 17 ਸ਼ਰਾਬ ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਨੂੰ ਫੀਸ...
ਚੰਡੀਗੜ੍ਹ ਪ੍ਰਸ਼ਾਸਨ ਦੇ ਕਰ ਅਤੇ ਆਬਕਾਰੀ ਵਿਭਾਗ ਨੇ ਸ਼ਰਾਬ ਠੇਕੇਦਾਰਾਂ ਵੱਲੋਂ ਲਾਇਸੈਂਸ ਫੀਸ ਨਾ ਭਰ ਕੇ ਪ੍ਰਸ਼ਾਸਨ ਨੂੰ ਚੂਨਾ ਲਗਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ 17 ਸ਼ਰਾਬ ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਨੂੰ ਫੀਸ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਖੋਲ੍ਹਿਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਲ ਕੀਤੇ 17 ਠੇਕਿਆਂ ਵਿੱਚੋਂ ਜ਼ਿਆਦਾਤਰ ਸ਼ਰਾਬ ਦੇ ਠੇਕੇ ਇੱਕੋ ਗਰੁੱਪ ਦੇ ਹਨ। ਇਨ੍ਹਾਂ ਸ਼ਰਾਬ ਠੇਕੇਦਾਰਾਂ ਵੱਲੋਂ ਪਿਛਲੇ ਮਹੀਨੇ ਵੀ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ, ਜਿਸ ਕਰ ਕੇ ਆਬਕਾਰੀ ਵਿਭਾਗ ਨੇ ਠੇਕੇ ਸੀਲ ਕਰ ਦਿੱਤੇ ਸਨ।
ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿਚਲੇ ਸ਼ਰਾਬ ਠੇਕੇਦਾਰਾਂ ਵੱਲੋਂ 15 ਤਰੀਕ ਤੱਕ ਲਾਇਸੈਂਸ ਫੀਸ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ। ਜੇ ਕੋਈ ਸ਼ਰਾਬ ਠੇਕੇਦਾਰ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਉਸ ਦਾ ਠੇਕਾ ਸੀਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸ਼ਰਾਬ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜੇ ਸ਼ਰਾਬ ਠੇਕੇਦਾਰ ਨੂੰ ਬਲੈਕਲਿਸਟ ਕਰ ਦਿੱਤਾ ਤਾਂ ਭਵਿੱਖ ਵਿੱਚ ਉਨ੍ਹਾਂ ਵੱਲੋਂ ਸ਼ਰਾਬ ਠੇਕਿਆਂ ਦੀ ਨਿਲਾਮੀ ਵਿੱਚ ਹਿੱਸਾ ਨਹੀਂ ਲਿਆ ਜਾ ਸਕੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਰ ਤੇ ਆਬਕਾਰੀ ਵਿਭਾਗ ਨੇ 15 ਸਤੰਬਰ ਨੂੰ ਲਾਇਸੈਂਸ ਫੀਸ ਨਾ ਭਰਨ ਕਰ ਕੇ 18 ਸ਼ਰਾਬ ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਸੀ। ਇਨ੍ਹਾਂ ਵਿੱਚੋਂ 6 ਸ਼ਰਾਬ ਠੇਕਿਆਂ ਨੇ 16 ਸਤੰਬਰ ਨੂੰ ਲਾਇਸੈਂਸ ਫੀਸ ਭਰ ਦਿੱਤੀ ਸੀ। ਫੀਸ ਭਰਨ ਉਪਰੰਤ ਸੀਲ ਕੀਤੇ ਹੋਏ ਠੇਕਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ।