ਦਵਿੰਦਰ ਪਾਲ
ਚੰਡੀਗੜ੍ਹ, 9 ਸਤੰਬਰ
ਪੰਜਾਬ ਭਰ ਵਿੱਚ ਟੌਲ ਪਲਾਜ਼ਿਆਂ, ਰਿਲਾਇੰਸ ਦੇ ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਸਟੇਸ਼ਨਾਂ ਨੇੜਲੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਮੇਤ ਕਰੀਬ ਸਵਾ ਸੌ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਇਸ ਮੌਕੇ ਅੱਜ ਸੰਘਰਸ਼ੀ ਅਖਾੜਿਆਂ ਤੋਂ ਇਨਕਲਾਬੀ ਕਵੀ ਪਾਸ਼ ਨੂੰ ਯਾਦ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅੱਜ ਦੇ ਦਿਨ 1950 ਵਿੱਚ ਕਵੀ ਅਵਤਾਰ ਸਿੰਘ ਪਾਸ਼ ਦਾ ਜਨਮ ਹੋਇਆ ਸੀ। ਉਨ੍ਹਾਂ ਦੀ ਇਨਕਲਾਬੀ ਕਵਿਤਾ ਨੇ ਸਿਰਫ ਪੰਜਾਬ ਦੇ ਹੀ ਨਹੀਂ, ਸਗੋਂ ਪੂਰੀ ਦੁਨੀਆ ਦੇ ਲੋਕਾਂ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਲਈ ਪ੍ਰੇਰਿਆ। ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਪਾਸ਼ ਨੂੰ ਸਿਜਦਾ ਕੀਤਾ।
ਇਸੇ ਤਰ੍ਹਾਂ ਅੱਜ ਪੰਜਾਬ ਭਰ ਤੋਂ ਕਿਸਾਨਾਂ ਦੇ ਵੱਡੇ ਕਾਫ਼ਲਿਆਂ ਨੇ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ਲਈ ਕੂਚ ਕੀਤਾ। ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜ਼ਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਦਰਜਨਾਂ ਜਥੇ ਰਵਾਨਾ ਹੋਏ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸੂਬੇ ਦੀਆਂ ਸਿਆਸੀ ਧਿਰਾਂ ਨਾਲ ਸੁਆਲ-ਜੁਆਬ ਦਾ ਸੰਵਾਦ ਰਚਾਇਆ ਜਾਵੇਗਾ ਪਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਮੀਟਿੰਗ ਤੋਂ ਬਾਹਰ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਮਾਛੀਵਾੜਾ (ਲੁਧਿਆਣਾ) ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਆਲ-ਜੁਆਬ ਕਰਨ ਗਏ 15 ਦੇ ਕਰੀਬ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਮੋਗਾ ਅਤੇ ਮਾਛੀਵਾੜਾ ਵਿੱਚ ਕਿਸਾਨ ਖ਼ਿਲਾਫ਼ ਦਰਜ ਕੇਸ ਰੱਦ ਨਾ ਕਰਨ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੋਗਰਾਮ ਉਲੀਕਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂ ਹਰਜੀਤ ਗਰੇਵਾਲ ਦੇ ਬਿਆਨ ਦੀ ਨਿਖੇਧੀ ਕੀਤੀ, ਜਿਸ ਵਿੱਚ ਉਸ ਨੇ ਮੋਰਚੇ ਦੇ ਆਗੂਆਂ ’ਤੇ ਚੀਨ ਅਤੇ ਪਾਕਿਸਤਾਨ ਤੋਂ ਫੰਡ ਲੈਣ ਦੇ ਦੋਸ਼ ਲਾਏ ਹਨ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਗਰੇਵਾਲ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ ਸਾਬਤ ਕਰ ਦੇਵੇ ਤਾਂ ਮੋਰਚਾ ਸੰਘਰਸ਼ ਬੰਦ ਕਰ ਦੇਵੇਗਾ। ਇਸ ਤੋਂ ਕੁਝ ਦਿਨ ਪਹਿਲਾਂ ਵੀ ਭਾਜਪਾ ਆਗੂ ਗਰੇਵਾਲ ਨੇ ਇੱਕ ਮਹਿਲਾ ਪੱਤਰਕਾਰ ਲਈ ਵੀ ਗਲਤ ਸ਼ਬਦਾਵਲੀ ਵਰਤੀ ਸੀ।