ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਖੇਤੀਬਾੜੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਦਾਅਵੇ ਕਰਨ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਕਣਕ ਦੇ ਮੁੱਲ ’ਚ ਮਹਿਜ਼ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਕਿਸਾਨਾਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਬਦਲਾ ਲਿਆ ਹੈ।
ਸ੍ਰੀ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ’ਤੇ ਐਲਾਨਿਆ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ ਐਲਾਨ ਹੀ ਹੈ ਕਿਉਂਕਿ ਕਿਸੇ ਵੀ ਫ਼ਸਲ ਦੇ ਨਿਰਧਾਰਤ ਮੁੱਲ ’ਤੇ ਖਰੀਦ ਕਰਨ ਲਈ ਕੋਈ ਗਾਰੰਟੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਪੱਸ਼ਟ ਕਰੇ ਕਿ ਛੋਲੇ, ਸਰ੍ਹੋਂ, ਮੱਕੀ, ਸੂਰਜਮੁਖੀ ਅਤੇ ਜੌਂ ਆਦਿ ਫ਼ਸਲਾਂ ਦੀ ਐਲਾਨੀ ਗਈ ਕੀਮਤ ’ਤੇ ਕਿਸਾਨਾਂ ਕੋਲੋਂ ਫ਼ਸਲ ਕੌਣ ਅਤੇ ਕਿੱਥੇ ਖ਼ਰੀਦੇਗਾ ਤਾਂ ਜੋ ਕਿਸਾਨਾਂ ਨੂੰ ਕੁਝ ਲਾਭ ਮਿਲ ਸਕੇ।
ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ’ਚ 40 ਪੈਸੇ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ, ਜਦਕਿ ਪਿਛਲੇ 9 ਮਹੀਨਿਆਂ ਦੌਰਾਨ ਡੀਜ਼ਲ ਦੀ ਕੀਮਤ ਵਿੱਚ 12.15 ਪੈਸੇ ਪ੍ਰਤੀ ਲਿਟਰ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ’ਚ ਭਾਰੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਣਕ ’ਚ ਕੀਤੇ ਵਾਧੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।