ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਸਤੰਬਰ
ਕਰਨਾਲ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਨੇ ਇਨ੍ਹਾਂ ਸੇਵਾਵਾਂ ਦਾ ਜਾਇਜ਼ਾ ਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਹਦਾਇਤਾਂ ’ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ’ਤੇ ਆਧਾਰਿਤ ਇਸ ਟੀਮ ਨੇ ਕਰਨਾਲ ਪਹੁੰਚ ਕੇ ਲੰਗਰ ਦੀ ਚੱਲ ਰਹੀ ਸੇਵਾ ਦਾ ਜਾਇਜ਼ਾ ਲਿਆ। ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਇੱਥੇ ਲੰਗਰ ਦੀ ਸੇਵਾ ਲਈ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦਾ ਅਮਲਾ ਮੌਜੂਦ ਹੈ।