ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਅਗਸਤ
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਰਨ ਹੋਏ ਨੁਕਸਾਨ ਦੀ ਭਰਪਾਈ ਲਈ ਮੁਹਾਲੀ ਜ਼ਿਲ੍ਹੇ ਦੇ ਪੀੜਤਾਂ ਦੀ ਮਦਦ ਵਾਸਤੇ ਹੁਣ ਤੱਕ ਤਿੰਨ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਨ੍ਹਾਂ ’ਚੋਂ ਕਰੀਬ 1.30 ਕਰੋੜ ਰੁਪਏ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਦਿੱਤੇ ਜਾ ਚੁੱਕੇ ਹਨ ਜਦੋਂਕਿ ਫ਼ਸਲਾਂ ਦੇ ਖ਼ਰਾਬੇ ਦੀ ਭਰਪਾਈ ਲਈ 1.70 ਕਰੋੜ ਰੁਪਏ ਹੜ੍ਹ ਪੀੜਤ ਕਿਸਾਨਾਂ ਨੂੰ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਸੀ ਨੇ ਪੇਂਡੂ ਰਿਹਾਇਸ਼ੀ ਖੇਤਰਾਂ ਵਿੱਚ ਘਰਾਂ ਦੀਆਂ ਰਜਿਸਟਰੀਆਂ ਸਬੰਧੀ ਸਵਾਮਿਤਵਾ ਸਕੀਮ ਦਾ ਮੁਲਾਂਕਣ ਵੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੀ ਮਾਲਕੀ ਦੇ ਦਸਤਾਵੇਜ਼ ਤਿਆਰ ਕਰਨ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਹੁਣ ਤੱਕ ਮੁਹਾਲੀ ਜ਼ਿਲ੍ਹੇ ਦੇ 225 ਪਿੰਡਾਂ ਦਾ ਡਰੋਨ ਸਰਵੇਖਣ ਕਰ ਕੇ 155 ਪਿੰਡਾਂ ਦੇ ਨਕਸ਼ੇ ਜਾਰੀ ਹੋ ਚੁੱਕੇ ਹਨ ਤੇ ਅਗਲੀ ਪ੍ਰਕਿਰਿਆ ਲਗਾਤਾਰ ਜਾਰੀ ਹੈ।