ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਪ੍ਰਬੰਧ ਬੇਕਾਬੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲ 3 ਮਹੀਨਿਆਂ ਦੌਰਾਨ ਪੰਜਾਬ ’ਚ 7138 ਲੋਕ ਅਗਵਾ ਹੋਏ ਹਨ ਜਿਨ੍ਹਾਂ ਨੂੰ ਛੱਡਣ ਲਈ ਫਿਰੌਤੀ ਮੰਗੀ ਗਈ ਹੈ। ਇਹ ਸਭ ਮਾਮਲੇ ਸਰਕਾਰੀ ਰਿਕਾਰਡ ਵਿੱਚ ਦਰਜ ਹਨ। ਸ੍ਰੀ ਚੀਮਾ ਨੇ ਕਿਹਾ ਕਿ ਅਗਵਾ ਦੀਆਂ ਘਟਨਾਵਾਂ ਅੱਜ-ਕੱਲ੍ਹ ਸਿਖਰ ’ਤੇ ਹਨ। ਇਸ ਲਈ ਕੋਈ ਹੋਰ ਨਹੀਂ, ਸਗੋਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਜਿਨ੍ਹਾਂ ਕੋੋਲ ਪੰਜਾਬ ਸਰਕਾਰ ਦਾ ਗ੍ਰਹਿ ਵਿਭਾਗ ਹੈ। ਬਦ ਤੋਂ ਬਦਤਰ ਹੋਏ ਕਾਨੂੰਨ ਪ੍ਰਬੰਧ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਕੈਪਟਨ ਅਮਰਿੰਦਰ ਸਿੰਘ ਦੀ ਹੈ। ਇਸ ਲਈ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।