ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਸਤੰਬਰ
ਅਧਿਆਪਕ ਦਿਵਸ ਮੌਕੇ ਅੱਜ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਦੀਆਂ ਰੋਕਾਂ ਤੋੜ ਕੇ ਜਬਰੀ ਰੈਸਟ ਹਾਊਸ ਵਿੱਚ ਦਾਖਲ ਹੋਏ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਪੁਲੀਸ ਨੇ ਘਸੀਟ-ਘਸੀਟ ਕੇ ਬੱਸਾਂ ਵਿਚ ਸੁੱਟਿਆ। ਸਰਕਾਰੀ ਰੈਸਟ ਹਾਊਸ ਵਿੱਚ ਲੰਮਾ ਸਮਾਂ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਚੱਲਦੀ ਰਹੀ।
ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ’ਚ ਰੁਜ਼ਗਾਰ ਦੀ ਮੰਗ ਸਬੰਧੀ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ
ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਅੱਜ ਅਧਿਆਪਕ ਦਿਵਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਦੀ ਰੋਕਾਂ ਤੋੜ ਕੇ ਜਬਰੀ ਰੈਸਟ ਹਾਊਸ ਵਿੱਚ ਦਾਖਲ ਹੋ ਗਏ। ਇੱਥੇ ਉਹ ਕਰੀਬ ਢਾਈ ਘੰਟੇ ਤੱਕ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਕਰੀਬ ਸਾਢੇ ਤਿੰਨ ਵਜੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਛੇ ਸਤੰਬਰ ਨੂੰ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਪਰ ਪ੍ਰਦਰਸ਼ਨਕਾਰੀ ਟੱਸ ਤੋਂ ਮੱਸ ਨਾ ਹੋਏ। ਉਹ ਪੈਨਲ ਮੀਟਿੰਗ ਤੈਅ ਕਰਾਉਣ ਦੀ ਮੰਗ ’ਤੇ ਅੜੇ ਹੋਏ ਸਨ। ਆਖ਼ਰਕਾਰ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਨੇ ਰੈਸਟ ਹਾਊਸ ’ਚ ਧਰਨੇ ’ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਜਬਰੀ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋਹਾਂ ਧਿਰਾਂ ਵਿਚਾਲੇ ਖਿੱਚ-ਧੂਹ ਵੀ ਹੋਈ। ਇਸ ਮੌਕੇ ਬੇਰੁਜ਼ਗਾਰ ਲੜਕੀਆਂ ਹੇਠਾਂ ਡਿੱਗ ਪਈਆਂ ਪਰ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਲੱਤਾਂ-ਬਾਹਾਂ ਤੋਂ ਫੜ ਕੇ ਉਨ੍ਹਾਂ ਨੂੰ ਬੱਸਾਂ ਤੱਕ ਪਹੁੰਚਾਇਆ। ਥਾਣਾ ਸਿਟੀ ਪੁਲੀਸ ਦੇ ਇੰਚਾਰਜ ਗੁਰਵੀਰ ਸਿੰਘ ਨੇ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਹਿਰਾਸਤ ’ਚ ਲਏ ਬੇਰੁਜ਼ਗਾਰ ਅਧਿਆਪਕਾਂ ਨੂੰ ਛੱਡ ਦਿੱਤਾ ਗਿਆ ਹੈ।
—ਡੱਬੀ—
ਪੰਜ ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ
ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ, ਅਮਨਦੀਪ ਕੰਬੋਜ, ਗੋਬਿੰਦ ਬਿੱਲਾ, ਗੁਰਮੀਤ ਚਹਿਲ, ਸ਼ਮਸ਼ੇਰ ਸਿੰਘ, ਅਮਨਦੀਪ ਕੌਰ ਸੁਮਨ ਅਤੇ ਨੀਲਮ ਨੇ ਕਿਹਾ ਕਿ ਪੀਟੀਆਈ ਅਧਿਆਪਕਾਂ ਦੀ ਭਰਤੀ ਲਈ ਅਨੇਕਾਂ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜ ਹਜ਼ਾਰ ਅਸਾਮੀਆਂ ’ਤੇ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਫੋਟੋ: ਸੰਗਰੂਰ ’ਚ ਬੇਰੁਜ਼ਗਾਰ ਅਧਿਆਪਕਾਂ ਨੂੰ ਚੁੱਕ ਕੇ ਲਿਜਾਂਦੀ ਹੋਈ ਪੁਲੀਸ।