350 ਸਾਲਾ ਸ਼ਹੀਦੀ ਦਿਹਾੜਾ: ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਆਰੰਭ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਨਵੰਬਰ ਨੂੰ ਹੋ ਰਹੇ ‘ਸੀਸ ਸਸਕਾਰ ਦਿਵਸ’ ਸਬੰਧੀ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਵਲੋਂ ਕੀਤੀ ਗਈ। ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸੀਸ ਸਸਕਾਰ ਦਿਵਸ ਮੌਕੇ ਪੈਣਗੇ। ਇਸ ਉਪਰੰਤ ਬਾਅਦ ਦੁਪਹਿਰ ਤਿੰਨ ਵਜੇ ਤੱਕ ‘ਸੀਸ ਸਸਕਾਰ ਦਿਵਸ’ ਦੇ ਮੁੱਖ ਸਮਾਗਮ ਹੋਣਗੇ।
ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਜਸਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਐਡਵੋਕੇਟ ਹਰਦੇਵ ਸਿੰਘ, ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਭਾਈ ਜਗਦੇਵ ਸਿੰਘ ਲੁਧਿਆਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਬੀਰ ਸਿੰਘ ਨੇ ਦੱਸਿਆ ਕਿ ਭਲ੍ਹਕੇ 28 ਨਵੰਬਰ ਨੂੰ ਦਿੱਲੀ ਤੋਂ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਪੁੱਜੇਗਾ। ਇੱਥੇ ਦੇਰ ਰਾਤ ਤੱਕ ਗੁਰਮਤਿ ਦੀਵਾਨ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਦਾ ਮਨੋਹਰ ਤੇ ਵੈਰਾਗਮਈ ਕੀਰਤਨ ਕਰਨਗੇ। ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸਾਕੇ ਅਤੇ ਭਾਈ ਜੈਤਾ ਜੀ ਦੁਆਰਾ ਗੁਰੂ ਸਾਹਿਬ ਦਾ ਕੱਟਿਆ ਹੋਇਆ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੇ ਅਦੁੱਤੀ ਇਤਿਹਾਸ ਦੀ ਸੰਗਤ ਨਾਲ ਸਾਂਝ ਪਾਉਣਗੇ।
