350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਚੱਲਿਆ ਨਗਰ ਕੀਰਤਨ ਆਨੰਦਪੁਰ ਸਾਹਿਬ ਵਿਖੇ ਸੰਪੰਨ
ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹਰਭਜਨ ਸਿੰਘ ਈਟੀਓ ਨੇ ਕੀਤਾ ਸਵਾਗਤ
ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਅੱਜ ਸਵੇਰੇ ਆਨੰਦਪੁਰ ਸਾਹਿਬ ਪਹੁੰਚਿਆ। ਹਜ਼ਾਰਾਂ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਭਰੇ ਇਸ ਨਗਰ ਕੀਰਤਨ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।
ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਜੰਮੂ, ਪਠਾਨਕੋਟ, ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਜੱਜ ਚੌਕ ਵਿੱਚੋਂ ਹੁੰਦਾ ਹੋਇਆ ਖਾਲਸੇ ਦੇ ਜਨਮ ਸਥਾਨ ਆਨੰਦਪੁਰ ਸਾਹਿਬ ਵਿਖੇ ਸ਼ਰਧਾ ਨਾਲ ਸਮਾਪਤ ਹੋਇਆ। ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਦਾ ਆਗਮਨ, ਰਸਤੇ ਵਿੱਚ ਇਕੱਠੇ ਹੋਏ ਸ਼ਰਧਾਲੂਆਂ ਲਈ ਡੂੰਘੀ ਸ਼ਰਧਾ ਦਾ ਪਲ ਸੀ।
ਮੰਤਰੀਆਂ ਨੇ ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪੇ ਭੇਟ ਕੀਤੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੂੰ ਸਥਾਪਿਤ ਕੀਤਾ।
ਨਗਰ ਕੀਰਤਨ ਵਿੱਚ ਭਾਈਚਾਰਕ ਸਾਂਝ ਦੀ ਦੇਖਣ ਨੂੰ ਮਿਲੀ। ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ ਅਤੇ ਕਈ ਸਿੱਖ ਸੰਗਠਨਾਂ ਨੇ ਇਸ ਦੀ ਹਮਾਇਤ ਕੀਤੀ। ਹਠੂਰ ਦੇ ਭਾਈ ਬਚਿੱਤਰ ਸਿੰਘ ਗਤਕਾ ਅਖਾੜੇ ਨੇ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦੇ 544 ਕਿਲੋਮੀਟਰ ਲੰਮੇ ਪੈਂਡੇ ਦੌਰਾਨ ਆਪਣੇ ਮਾਰਸ਼ਲ ਆਰਟ ਹੁਨਰ ਦਾ ਪ੍ਰਦਰਸ਼ਨ ਕੀਤਾ, ਜਿਸ ਦੀ ਸੰਗਤਾਂ ਵੱਲੋਂ ਪ੍ਰਸ਼ੰਸਾ ਕੀਤੀ ਗਈ।
ਸ਼ਰਧਾਲੂਆਂ ਨੇ ਹਰ ਪੜਾਅ ’ਤੇ ਨਗਰ ਕੀਰਤਨ ਦਾ ਬਹੁਤ ਉਤਸ਼ਾਹ ਨਾਲ ਸਵਾਗਤ ਕੀਤਾ। ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਦੇ ਜੁੜਨ ਕਰਕੇ ਰਾਮਪੁਰ ਖੇੜਾ ਅਤੇ ਹੁਸ਼ਿਆਰਪੁਰ ਵਿਚਾਲੇ ਰਸਤੇ ’ਤੇ ਕਰੀਬ 15 ਘੰਟੇ ਦੀ ਦੇਰੀ ਹੋਈ। ਸ਼ਹਿਰਾਂ ਅਤੇ ਪਿੰਡਾਂ ਵਿੱਚ ਥਾਂ ਥਾਂ ਲੰਗਰ ਲਗਾਏ ਗਏ, ਜੋ ਕਿ ਸਿੱਖ ਸੇਵਾ ਭਾਵਨਾ ਦੀ ਸ਼ਾਹਦੀ ਭਰਦੇ ਹਨ।

