ਪੱਤਰ ਪ੍ਰੇਰਕ
ਕੁਰਾਲੀ, 31 ਜਨਵਰੀ
ਹਲਕਾ ਖਰੜ ਤੋਂ ‘ਆਪ’ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਅੱਜ ਬਲਾਕ ਮਾਜਰੀ ਵਿਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਬਾਦਲਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਿਕਾਸ ਦੇ ਨਾਂ ’ਤੇ ਧੋਖਾ ਕੀਤਾ ਗਿਆ ਹੈ। ਬਾਦਲ ਸਰਕਾਰ ਵੱਲੋਂ 10 ਸਾਲ ਦੇ ਰਾਜ ਦੌਰਾਨ ਪੰਜਾਬ ਦੇ ਸਰੋਤਾਂ ਨੂੰ ਆਪਣੇ ਨਿੱਜੀ ਫ਼ਾਇਦਿਆਂ ਲਈ ਵਰਤਿਆ ਗਿਆ। ਭ੍ਰਿਸ਼ਟਾਚਾਰ ਅਤੇ ਨਸ਼ਾਖੋਰੀ ਨੂੰ ਖ਼ਤਮ ਕਰਨ ਦੇ ਮੁੱਦੇ ਤੇ ਚੋਣਾਂ ਲੜਨ ਵਾਲੀ ਕਾਂਗਰਸ ਨੇ ਵੀ ਸਰਕਾਰ ਬਣਾਉਣ ਪਿੱਛੋਂ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਵੱਲੋਂ ਕੀਤੇ ਗਏ ਘਰ ਘਰ ਨੌਕਰੀ ਦੇ ਵਾਅਦਿਆਂ ਦੀ ਪੂਰਤੀ ਦੀ ਉਡੀਕ ਅੱਜ ਵੀ ਪੰਜਾਬ ਦੇ ਨੌਜਵਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਸਣੇ ਹਰ ਵਿਅਕਤੀ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣੀਆਂ ‘ਆਪ’ ਸਰਕਾਰ ਦੀ ਪਹਿਲੀ ਕੋਸ਼ਿਸ਼ ਹੋਵੇਗੀ।