ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 6 ਜੂਨ
ਯੂਟੀ ਦੇ ਸਰਕਾਰੀ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਲਈ ਛੁੱਟੀਆਂ ਵਿੱਚ ਮੁਫ਼ਤ ਵਿਸ਼ੇਸ਼ ਕਲਾਸਾਂ ਲਗਾਉਣ ਦਾ ਪ੍ਰਬੰਧ ਗੈਰ ਸਰਕਾਰੀ ਸੰਸਥਾ ‘ਮੇਰੀ ਉਡਾਨ ਵੈੱਲਫੇਅਰ’ ਵੱਲੋਂ ਅੱਜ ਤੋਂ ਕੀਤਾ ਗਿਆ। ਸੰਸਥਾ ਵੱਲੋਂ ਇਹ ਉਪਰਾਲਾ ਚੰਡੀਗੜ੍ਹ ਯੂਨੀਵਰਸਿਟੀ ਨਾਲ ਮਿਲ ਕੇ ਕੀਤਾ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਰਕਾਰੀ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਉਪਲਬਧ ਕਰਵਾਏ ਗਏ ਹਨ। ਇਸ ਵੇਲੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਤੇ ਇਨ੍ਹਾਂ ਛੁੱਟੀਆਂ ਦੌਰਾਨ ਐੱਨਜੀਓ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲੋੜਵੰਦ ਵਿਦਿਆਰਥੀਆਂ ਲਈ ਮੁਫ਼ਤ ਵਿਸ਼ੇਸ਼ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸੰਸਥਾ ਦੇ ਚੇਅਰਮੈਨ ਸ਼ੇਖਰ ਘਾਰੂ ਅਤੇ ਸਰਪ੍ਰਸਤ ਤੇ ਪ੍ਰਧਾਨ ਮੋਨਾ ਘਾਰੂ ਨੇ ਦੱਸਿਆ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਡੱਡੂਮਾਜਰਾ ਕਲੋਨੀ ਦੇ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਕੋਲ ਇਸ ਸਬੰਧੀ ਪਹੁੰਚ ਕੀਤੀ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਮਦਦ ਨਾਲ ਅੱਜ ਤੋਂ ਇਸ ਸਕੂਲ ਵਿੱਚ ਲੋੜਵੰਦ ਤੇ ਕਮਜ਼ੋਰ ਵਿਦਿਆਰਥੀਆਂ ਲਈ ਮੁਫ਼ਤ ਵਿਸ਼ੇਸ਼ ਕਲਾਸਾਂ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਕਲਾਸਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਲਗਾਈਆਂ ਗਈਆਂ, ਜਿਸ ਤਹਿਤ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਰੇ ਵਿਸ਼ੇ ਜਦਕਿ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਆਰਟਸ ਸਟ੍ਰੀਮ ਦੇ ਵਿਦਿਆਰਥੀਆਂ ਨੂੰ ਰਾਜਨੀਤਕ ਸ਼ਾਸਤਰ, ਇਤਿਹਾਸ ਆਦਿ ਵਿਸ਼ੇ ਪੜ੍ਹਾਏ ਗਏ। ਸ੍ਰੀ ਘਾਰੂ ਨੇ ਦੱਸਿਆ ਕਿ ਅੱਜ ਸਕੂਲ ਵਿੱਚ ਛੇ ਅਧਿਆਪਕ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੂਟੀ ਦੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਕਮਜ਼ੋਰ ਵਿਦਿਆਰਥੀਆਂ ਲਈ ਮੁਫ਼ਤ ਕਲਾਸਾਂ ਲਗਾਈਆਂ ਜਾਣਗੀਆਂ। ਇਸ ਦੌਰਾਨ ਸੰਸਥਾ ਦੇ ਪ੍ਰਬੰਧਕਾਂ ਨੇ ਸ਼ਹਿਰ ਦੇ ਪੜ੍ਹੇ-ਲਿਖੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਵਾਲੰਟੀਅਰ ਅਧਿਆਪਕ ਵਜੋਂ ਅੱਗੇ ਆਉਣ।