ਮੁਕੇਸ਼ ਕੁਮਾਰ
ਚੰਡੀਗੜ੍ਹ, 12 ਜੁਲਾਈ
ਸਵੱਛ ਚੰਡੀਗੜ੍ਹ ਮਿਸ਼ਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਨਗਰ ਨਿਗਮ ਨੇ ਅੱਜ ਸ਼ਹਿਰ ਦੇ ਸਕੂਲਾਂ ਵਿੱਚ ਸਵੱਛਤਾ ਕੀ ਪਾਠਸ਼ਾਲਾ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ। ਨਗਰ ਨਿਗਮ ਦੀ ਕਮਿਸ਼ਨਰ ਅਨੰਦਿਤਾ ਮਿੱਤਰਾ ਵੱਲੋਂ ਸੈਕਟਰ 16 ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿੱਤਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਵੱਛਤਾ ਮੁਹਿੰਮ ਬਾਰੇ ਨਗਰ ਨਿਗਮ ਦਾ ਸੁਨੇਹਾ ਚੰਡੀਗੜ੍ਹ ਦੇ ਲਗਪਗ ਹਰੇਕ ਘਰ ਤੱਕ ਪਹੁੰਚ ਕਰ ਸਕੇਗਾ। ਅੱਜ ਇੱਥੇ ਸੈਕਟਰ 16 ਦੇ ਸਕੂਲ ਤੋਂ ਸ਼ੁਰੂ ਕੀਤੀ ਗਈ ਇਸ ਜਾਗਰੂਕਤਾ ਮੁਹਿੰਮ ਦੌਰਾਨ ਬੱਚਿਆਂ ਨੂੰ ਸਰੋਤ ਪੱਧਰ ’ਤੇ ਰਹਿੰਦ-ਖੂੰਹਦ ਨੂੰ ਵੱਖੋ-ਵੱਖਰਾ ਕਰਨ, ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ’ਤੇ ਲਗਾਈ ਗਈ ਪਾਬੰਦੀ ਤੇ ਘਰੇਲੂ ਖਾਦ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ।
ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਨਿਗਮ ਵੱਲੋਂ ਇੱਕ ਸਵੱਛਤਾ ਮੌਡਿਊਲ ਤਿਆਰ ਕੀਤਾ ਜਾ ਰਿਹਾ ਹੈ ਜੋ ਹਰ ਕਲਾਸ ਦੇ ਅਧਿਆਪਕ ਵੱਲੋਂ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਜਾ ਸਕਦਾ ਹੈ।