ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਨਵੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਫ਼ਦ ਨੇ ਅੱਜ ਸਕੂਲ ਬੋਰਡ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲ ਪਾਠ ਪੁਸਤਕਾਂ ਅਤੇ ਫੀਸਾਂ ਦੀ ਲਗਪਗ 400 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸੂਬਾ ਸਰਕਾਰ ਵੱਲੋਂ ਬਕਾਇਆ ਰਾਸ਼ੀ ਨਾ ਦੇਣ ਕਾਰਨ ਪੰਜਾਬ ਬੋਰਡ ਦੀ ਆਰਥਿਕ ਸਥਿਤੀ ਕਾਫ਼ੀ ਡਾਵਾਂਡੋਲ ਹੋ ਗਈ ਹੈ। ਵਫ਼ਦ ਨੇ ਦੱਸਿਆ ਕਿ ਬੋਰਡ ਨੂੰ ਸਰਕਾਰ ਵੱਲੋਂ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ। ਕਿਤਾਬਾਂ ਅਤੇ ਫੀਸਾਂ ਤੋਂ ਪ੍ਰਾਪਤ ਹੁੰਦੀ ਰਾਸ਼ੀ ਨਾਲ ਹੀ ਕਰਮਚਾਰੀਆਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਸਮੇਤ ਅਤੇ ਹੋਰ ਦਫ਼ਤਰੀ ਖ਼ਰਚੇ ਕੀਤੇ ਜਾਂਦੇ ਹਨ। ਸਿੱਖਿਆ ਮੰਤਰੀ ਨੇ ਵਫ਼ਦ ਨੂੰ ਧਿਆਨ ਸੁਣਿਆ ਅਤੇ ਭਰੋਸਾ ਦਿੱਤਾ ਕਿ ਬੋਰਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਛੇਤੀ ਹੱਲ ਕੀਤਾ ਜਾਵੇਗਾ।