ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੁਲਾਈ
‘ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਿਤ ਕਰਨ ਦੇ ਨਾਲ-ਨਾਲ ਇਸ ਦਾ ਬਹੁਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦੀ ਲੰਮੇ ਸਮੇਂ ਤੋਂ ਬਕਾਇਆ ਰਾਸ਼ੀ ਜਾਰੀ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ 5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਬਾਕੀ ਰਾਸ਼ੀ ਵੀ 5-5 ਕਰੋੜ ਰੁਪਏ ਦੀਆਂ ਕਿਸ਼ਤਾਂ ਦੇ ਰੂਪ ਵਿੱਚ ਛੇਤੀ ਜਾਰੀ ਕਰ ਦਿੱਤੀ ਜਾਵੇਗੀ।’ ਇਹ ਜਾਣਕਾਰੀ ਨਗਰ ਨਿਗਮ ਭਵਨ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀ ਸਾਂਭ-ਸੰਭਾਲ ਲਈ ਜਿੰਨਾ ਵੀ ਖ਼ਰਚਾ ਕੀਤਾ ਜਾਵੇਗਾ, ਉਸ ਦਾ 25 ਫੀਸਦੀ ਹਿੱਸਾ ਗਮਾਡਾ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਬਹੁਪੱਖੀ ਵਿਕਾਸ ਤਹਿਤ ਬਲੌਂਗੀ ਅਤੇ ਬਲੌਂਗੀ ਕਲੋਨੀ, ਸੈਕਟਰ-119 ਤੇ ਸੈਕਟਰ-118 ਸਮੇਤ (ਪਿੰਡ ਬੱਲੋਮਾਜਰਾ ਨੂੰ ਛੱਡ ਕੇ), ਬੜਮਾਜਰਾ ਤੇ ਬੜਮਾਜਰਾ ਕਲੋਨੀ, ਬਰਿਆਲੀ ਅਤੇ ਗਮਾਡਾ ਵੱਲੋਂ ਪ੍ਰਵਾਨਿਤ ਟੀਡੀਆਈ ਦਾ ਪ੍ਰਾਜੈਕਟ ਸੈਕਟਰ-119, ਸੈਕਟਰ-118, ਸੈਕਟਰ-117, ਸੈਕਟਰ-116, ਸੈਕਟਰ-92 ਅਤੇ ਸੈਕਟਰ-74ਏ ਅਧੀਨ ਰਕਬਾ, ਗਰੀਨ ਐਨਕਲੇਵ, ਸੈਕਟਰ-66 ਅਲਫਾ (ਕੇਵਲ ਸਰਕਾਰ/ਗਮਾਡਾ ਵੱਲੋਂ ਪ੍ਰਵਾਨਿਤ ਪ੍ਰਾਜੈਕਟਾਂ ਅਧੀਨ ਰਕਬਾ) ਅਤੇ ਸੈਕਟਰ-82, ਸੈਕਟਰ-91 ਅਤੇ ਸੈਕਟਰ-92, ਪਿੰਡ ਕੰਬਾਲੀ ਨੂੰ ਛੱਡ ਕੇ ਮੌਜੂਦਾ ਹੱਦ ਤੋਂ ਰੇਲਵੇ ਲਾਈਨ/ਬਾਊਂਡਰੀ ਤੱਕ ਬਲਕ ਮਾਰਕੀਟ ਤੇ ਹੋਰ ਏਰੀਆ ਨਗਰ ਨਿਗਮ ਮੁਹਾਲੀ ਦੀ ਹੱਦ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਵੀ ਮੁਹਾਲੀ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਹਤ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਸਮਰੱਥਾ ਰੋਜ਼ਾਨਾ 5 ਲੱਖ ਵੈਕਸੀਨ ਲਗਾਉਣ ਦੀ ਹੈ ਪਰ ਕੇਂਦਰ ਸਰਕਾਰ ਵੱਲੋਂ ਬੜੀ ਮੁਸ਼ਕਲ ਨਾਲ 50 ਤੋਂ 60 ਹਜ਼ਾਰ ਵੈਕਸੀਨ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਵੈਕਸੀਨੇਸ਼ਨ ਦੇ ਮਾਮਲੇ ਵਿੱਚ ਪੰਜਾਬ ਵਿੱਚ ਪਹਿਲੇ ਨੰਬਰ ’ਤੇ ਹੈ।
ਪੰਜਾਬ ਵਿੱਚ ਬਿਜਲੀ ਸਮੱਸਿਆ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ
ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਦੇ ਲੱਗ ਰਹੇ ਦੋਸ਼ਾਂ ਬਾਰੇ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਸਰਕਾਰੀ ਨੇਮਾਂ ਮੁਤਾਬਕ ਮਾਈਨਿੰਗ ਦਾ ਕੰਮ ਹੋ ਰਿਹਾ ਹੈ ਅਤੇ ਸਰਕਾਰੀ ਖਜ਼ਾਨੇ ਵਿੱਚ ਮਾਈਨਿੰਗ ਰਾਹੀਂ 400 ਕਰੋੜ ਰੁਪਏ ਜਾ ਰਹੇ ਹਨ ਜਦੋਂਕਿ ਪਿਛਲੀਆਂ ਸਰਕਾਰਾਂ ਵੇਲੇ ਇਹ ਰਾਸ਼ੀ ਸਿਰਫ਼ 35 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਮੱਸਿਆ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ 10 ਹਜ਼ਾਰ ਕਰੋੜ ਤੋਂ ਵੱਧ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ।