ਮੁਹਾਲੀ ’ਚ 52,529 ਟਨ ਕਣਕ ਦੀ ਖ਼ਰੀਦ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਅਪਰੈਲ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 52529 ਮੀਟਰਕ ਟਨ ਕਣਕ ਦੀ ਖ਼ਰੀਦੀ ਜਾ ਚੁੱਕੀ ਹੈ। ਅੱਜ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵਜੋਂ 114.52 ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤੈਅ ਸਮਾਂ ਸੀਮਾ (48 ਘੰਟੇ) ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਛੁੱਟੀ ਵਾਲੇ ਦਿਨਾਂ ਵਿੱਚ ਵੀ ਕਣਕ ਦੀ ਖ਼ਰੀਦੀ ਕੀਤੀ ਜਾ ਰਹੀ ਹੈ।
ਡੀਸੀ ਸ੍ਰੀਮਤੀ ਮਿੱਤਲ ਨੇ ਕਿਹਾ ਕਿ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਮੀਂਹ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਮਿਥੇ ਸਮੇਂ (ਖ਼ਰੀਦ ਤੋਂ 72 ਘੰਟਿਆਂ ਵਿੱਚ) ਕੀਤੀ ਜਾ ਰਹੀ ਹੈ। ਮੰਡੀਆਂ ’ਚੋਂ ਹੁਣ ਤੱਕ ਤਕਰੀਬਨ 67.1 ਫੀਸਦੀ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਲਿਫ਼ਟਿੰਗ ਵੀ ਆਉਂਦੇ ਦਿਨਾਂ ਵਿੱਚ ਹੋ ਜਾਵੇਗੀ।