ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਚੰਡੀਗੜ੍ਹ ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਤੋਂ 40 ਦੋ-ਪਹੀਆ ਵਾਹਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਲਵਪ੍ਰੀਤ ਸਿੰਘ, ਹਰਦੀਪ ਸਿੰਘ ਵਾਸੀ ਫਤਿਹਗੜ੍ਹ ਸਾਹਿਬ, ਰਵਿੰਦਰ ਗਿਰੀ, ਸ਼ਰਨਜੀਤ ਸਿੰਘ, ਕਵੀ ਸਿੰਘ ਅਤੇ ਬਲਜਿੰਦਰ ਸਿੰਘ ਵਾਸੀ ਮੁਹਾਲੀ ਸ਼ਾਮਲ ਹਨ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਨੂੰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਫਰਜ਼ੀ ਨੰਬਰ ਵਾਲੇ ਵਾਹਨਾਂ ਸਣੇ ਕਾਬੂ ਕੀਤਾ ਸੀ ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਵਾਹਨ ਚੋਰੀ ਕਰਨ ਦੇ ਆਦਿ ਹਨ ਅਤੇ ਚੰਡੀਗੜ੍ਹ ਅਤੇ ਮੁਹਾਲੀ ਵਿੱਚੋਂ ਵਾਹਨ ਚੋਰੀ ਕਰਕੇ ਵੇਚ ਦਿੰਦੇ ਹਨ। ਪੁਲੀਸ ਨੇ ਮੁਲਜ਼ਮਾਂ ਤੋਂ 10 ਬੁਲੇਟ ਮੋਟਰਸਾਈਕਲ, 25 ਹੋਰ ਮੋਟਰਸਾਈਕਲ ਅਤੇ 5 ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਿਹਾੜੀਦਾਰ ਵਜੋਂ ਕੰਮ ਕਰਦੇ ਹਨ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਕੇਸ ਦਰਜ ਹਨ।
ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਚੋਰੀਆਂ ਦੀਆਂ ਹੋਰਨਾਂ ਘਟਨਾਵਾ ਬਾਰੇ ਵੀ ਸੁਰਾਗ ਮਿਲ ਸਕਦੇ ਹਨ।