ਮੁਹਾਲੀ ਜ਼ਿਲ੍ਹੇ ਦੇ 657 ਵਿਦਿਆਰਥੀਆਂ ਦਾ ਸਨਮਾਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਮਸਨੂਈ ਬੌਧਕਿਤਾ (ਏ ਆਈ) ਦੀ ਸਿੱਖਿਆ ਸ਼ੁਰੂ ਕਰੇਗੀ। ਉਹ ਅੱਜ ਮੁਹਾਲੀ ਦੇ ਫੇਜ਼ ਅੱਠ ਦੇ ਵਿਕਾਸ ਭਵਨ ਵਿੱਚ ਬ੍ਰਾਈਟ ਮਾਈਂਡਜ਼ ਆਫ਼ ਪੰਜਾਬ 2026 ਪਹਿਲਕਦਮੀ ਤਹਿਤ ਮੁਹਾਲੀ ਜ਼ਿਲ੍ਹੇ ਦੇ 12ਵੀਂ ਜਮਾਤ ਵਿੱਚ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਦੇ ਸਨਮਾਨ ਵਿਚ ਕੀਤੇ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਪੰਜਾਬ ਸਰਕਾਰ ਨੇ ਗੁਣਵੱਤਾ ਭਰਪੂਰ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵੱਲੋਂ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਆਪਣੇ ਵਾਅਦੇ ਇਮਾਨਦਾਰੀ ਨਾਲ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਇਸ ਖੇਤਰ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਉੱਚ ਪੱਧਰੀ ਸਿਖਲਾਈ ਲਈ ਭੇਜਿਆ ਗਿਆ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਕਾਦਮਿਕ ਸਿੱਖਿਆ, ਕਰੀਅਰ ਯੋਜਨਾ ਅਤੇ ਨਵੀਆਂ ਰੁਜ਼ਗਾਰ ਸੰਭਾਵਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਏ ਆਈ ਪਲੇਟਫਾਰਮਾਂ ਦੀ ਵਰਤੋਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੌਜੂਦਾ ਵਿਦਿਆਰਥੀ ਗ੍ਰੈਜੂਏਟ ਹੋਣਗੇ, ਉਦੋਂ ਤੱਕ ਰੁਜ਼ਗਾਰ ਦਾ ਸਰੂਪ ਕਾਫ਼ੀ ਬਦਲ ਚੁੱਕਾ ਹੋਵੇਗਾ, ਇਸ ਲਈ ਉਨ੍ਹਾਂ ਨੂੰ ਨਵੀਆਂ ਚੁਣੌਤੀਆਂ ਅਤੇ ਨਵੇਂ ਯੁੱਗ ਦੀਆਂ ਨੌਕਰੀਆਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਉਦੋਂ ਤੱਕ ਵਿਕਸਤ ਨਹੀਂ ਮੰਨਿਆ ਜਾ ਸਕਦਾ ਜਦੋਂ ਤੱਕ ਉਸ ਦੀ ਸਿੱਖਿਆ ਪ੍ਰਣਾਲੀ ਮਜ਼ਬੂਤ, ਪਾਰਦਰਸ਼ੀ ਅਤੇ ਖਾਮੀਆਂ ਤੋਂ ਰਹਿਤ ਨਾ ਹੋਵੇ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡੀ ਪੀ ਆਈ (ਸੈਕੰਡਰੀ) ਸਕੱਤਰ ਸਿੰਘ ਬੱਲ, ਡੀ ਈ ਓ (ਸੈਕੰਡਰੀ) ਡਾ. ਗਿੰਨੀ ਦੁੱਗਲ, ਡਿਪਟੀ ਡੀ ਈ ਓ ਅੰਗਰੇਜ਼ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।

