9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ 7 ਨਵੰਬਰ ਤੋਂ ਹੋਵੇਗਾ ਸ਼ੁਰੂ
ਮਿਲਟਰੀ ਲਿਟਰੇਚਰ ਫੈਸਟੀਵਲ ਕਮੇਟੀ ਵੱਲੋਂ 9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ 7 ਤੋਂ 9 ਨਵੰਬਰ ਤੱਕ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਇਆ ਜਾਵੇਗਾ। ਫੈਸਟੀਵਲ ਕਮੇਟੀ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਦੇਸ਼ ਅਤੇ ਵਿਦੇਸ਼ ਤੋਂ 35 ਤੋਂ 40 ਡੈਲੀਗੇਟ ਪਹੁੰਚ ਰਹੇ ਹਨ।
ਤਿੰਨ ਦਿਨਾ ਫੈਸਟੀਵਲ ਦੌਰਾਨ ਅਪਰੇਸ਼ਨ ਸਿੰਧੂਰ, 1965 ਦੀ ਜੰਗ ਅਤੇ ਸੁਰੱਖਿਆ ਖੇਤਰ ਵਿੱਚ ਭਾਰਤ ਦੀ ਮੌਜੂਦਾ ਦਸ਼ਾ ਤੇ ਦਿਸ਼ਾ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦਘਾਟਨ 7 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਜਾਵੇਗਾ ਅਤੇ 9 ਨਵੰਬਰ ਨੂੰ ਸਮਾਪਤੀ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਇਸ ਮੌਕੇ ਸੁਖਨਾ ਝੀਲ ਉੱਤੇ ਲੇਕ ਕਲੱਬ ਦੇ ਨਜ਼ਦੀਕ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਘੋੜਿਆਂ ਅਤੇ ਕੁੱਤਿਆਂ ਦੇ ਵਿਸ਼ੇਸ਼ ਸ਼ੋਅ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਪਹਿਲਾਂ 26 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ਜਿਸ ਵਿੱਚ 700 ਦੇ ਕਰੀਬ ਮੋਟਰਸਾਈਕਲ ਸਵਾਰ ਸ਼ਾਮਲ ਹੋਣਗੇ।