ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਅਪਰੈਲ
ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਈਐੱਸਆਈ ਜ਼ੋਨਲ ਹਸਪਤਾਲ ਦੇ ਰੱਖ-ਰਖਾਅ ਲਈ ਹਰ ਸਾਲ ਕਰੋੜਾਂ ਰੁਪਏ ਦਾ ਬਜਟ ਜਾਰੀ ਕੀਤਾ ਜਾਂਦਾ ਹੈ ਪਰ ਇੱਥੇ ਮਰੀਜ਼ਾਂ ਦੀ ਸੁਵਿਧਾ ਲਈ ਐਂਬੂਲੈਂਸ ਤੱਕ ਨਹੀਂ ਹੈ। ਇਹੀ ਨਹੀਂ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ। ਉਹ ਹਸਪਤਾਲ ਵਿੱਚ ਸਹੂਲਤਾਂ ਦੀ ਵੱਡੀ ਘਾਟ ਦੇਖ ਕੇ ਦੰਗ ਰਹਿ ਗਏ। ਇਸ ਦੌਰਾਨ ਵਿਧਾਇਕ ਨੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ (ਈਐਸਆਈ) ਡਾ. ਜੀਬੀ ਸਿੰਘ ਨੂੰ ਵੀ ਮੌਕੇ ’ਤੇ ਸੱਦ ਕੇ ਐਸਐਮਓ ਡਾ. ਸਿਮਰਨ ਸਿੰਘ ਤੇ ਹੋਰ ਡਾਕਟਰਾਂ ਤੇ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਟਾਈਨੌਰ ਆਰਥੋਟਿਕ ਕੰਪਨੀ ਦੇ ਐਮਡੀ ਪੀਜੇ ਸਿੰਘ ਅਤੇ ਉਦਯੋਗਪਤੀ ਹਰਿੰਦਰਪਾਲ ਸਿੰਘ ਬਿੱਲਾ, ਕੇਐਸ ਮਾਹਲ, ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ, ਏ.ਐਸ. ਪਰਮਾਰ ਅਤੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਵੀ ਮੌਜੂਦ ਸਨ। ਮੀਟਿੰਗ ਵਿੱਚ ਮੌਜੂਦ ਟਾਈਨੌਰ ਆਰਥੋਟਿਕ ਕੰਪਨੀ ਦੇ ਐਮਡੀ ਪੀਜੇ ਸਿੰਘ ਨੇ ਹਫ਼ਤੇ ਦੇ ਅੰਦਰ-ਅੰਦਰ ਈਐਸਆਈ ਹਸਪਤਾਲ ਲਈ ਨਵੀਂ ਐਂਬੂਲੈਂਸ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।